Connect with us

ਪੰਜਾਬ ਨਿਊਜ਼

ਕੋਰੋਨਾ ਪੀੜਤ ਮਰੀਜ਼ ਨੂੰ ਘਰ ‘ਚ ਵੀ ਕੀਤਾ ਜਾ ਸਕਦਾ ‘ਆਈਸੋਲੇਟ’, ਕੋਈ ਦਵਾਈ ਦੀ ਲੋੜ ਨਹੀਂ: ਡਿਪਟੀ ਕਮਿਸ਼ਨਰ ਲੁਧਿਆਣਾ

Published

on

ਵਿਸ਼ਵ ਭਰ ਵਿੱਚ ਕੋਰੋਨਾ ਵਾਇਰਸ (ਕੋਵਿਡ-19) ਬਿਮਾਰੀ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਅੱਜ ਆਪਣੇ ਦਫ਼ਤਰ ਵਿਖੇ ਅਗਾਂਊ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਗਰਾਓਂ) ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਸਮੂਹ ਐੱਸ. ਡੀ. ਐੱਮਜ਼, ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਸਿਵਲ ਸਰਜਨ ਨੇ ਧਿਆਨ ਵਿੱਚ ਲਿਆਂਦਾ ਕਿ ਸਿਹਤ ਵਿਭਾਗ ਵੱਲੋਂ ਉਨ੍ਹਾਂ ਸਾਰੇ ਲੋਕਾਂ ਦਾ ਪਿੱਛਾ ਕੀਤਾ ਜਾ ਰਿਹਾ ਹੈ, ਜੋ ਕਿ ਪਿਛਲੇ ਦਿਨਾਂ ਦੌਰਾਨ ਪ੍ਰਭਾਵਿਤ ਦੇਸ਼ਾਂ ਜਾਂ ਖੇਤਰਾਂ ਤੋਂ ਆਏ ਹਨ ਪਰ ਅਜਿਹੇ ਲੋਕਾਂ ਵੱਲੋਂ ਜਾਂਚ ਵਿੱਚ ਸਹਿਯੋਗ ਨਹੀਂ ਕੀਤਾ ਜਾ ਰਿਹਾ ਹੈ।

ਇਸ ‘ਤੇ ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਦੇ ਆਦੇਸ਼ ‘ਤੇ ਪੁਲਿਸ ਵਿਭਾਗ ਵੱਲੋਂ ਲੁਧਿਆਣਾ ਪੁਲਿਸ ਕਮਿਸ਼ਨਰੇਟ ਖੇਤਰ ਲਈ ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਆਪਰੇਸ਼ਨ ਐਂਡ ਸਕਿਊਰਿਟੀ), ਲੁਧਿਆਣਾ ਦਿਹਾਤੀ ਲਈ ਡੀ. ਐੱਸ. ਪੀ. (ਸਥਾਨਕ) ਅਤੇ ਪੁਲਿਸ ਜ਼ਿਲ੍ਹਾ ਖੰਨਾ ਲਈ ਡੀ. ਐੱਸ. ਪੀ. (ਸਥਾਨਕ) ਨੂੰ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ। ਸ੍ਰੀ ਅਗਰਵਾਲ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਜਾਂਚ ਜਾਂ ਇਲਾਜ ਤੋਂ ਆਨਾਕਾਨੀ ਕਰਦਾ ਹੈ ਤਾਂ ਇਨ੍ਹਾਂ ਨੋਡਲ ਅਫ਼ਸਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਸਕੇਗਾ। ਸ੍ਰੀ ਅਗਰਵਾਲ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਵਿੱਚ ਲੱਛਣ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਵੀ ‘ਆਈਸੋਲੇਟ’ ਕੀਤਾ ਜਾ ਸਕਦਾ ਹੈ। ਬਿਮਾਰੀ ਦੇ ਇਲਾਜ ਲਈ ਕੋਈ ਵੀ ਵਿਸ਼ੇਸ਼ ਦਵਾਈ ਲੈਣ ਦੀ ਲੋੜ ਨਹੀਂ ਹੈ।

ਮਰੀਜ਼ ਆਪਣੇ ਘਰ ਵਿੱਚ 14 ਜਾਂ ਵਧੇਰੇ ਦਿਨ ਅਲੱਗ ਤੌਰ ‘ਤੇ ਰਹਿ ਕੇ ਆਰਾਮ ਨਾਲ ਠੀਕ ਹੋ ਸਕਦਾ ਹੈ। ਉਨ੍ਹਾਂ ਪੁਲਿਸ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਵਿਅਕਤੀ ਜਾਂਚ ਕਰਾਉਣ ਵਿੱਚ ਸਹਿਯੋਗ ਨਹੀਂ ਕਰਦਾ ਤਾਂ ਉਸ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ ਸਗੋਂ ਉਹ ਜਿੱਥੇ ਵੀ ਮਿਲਦਾ ਹੈ ਉਥੇ ਹੀ ਉਸਦੀ ਜਾਂਚ ਆਦਿ ਕਰਾਕੇ ‘ਆਈਸੋਲੇਟ’ ਕਰਨ ਦੀ ਕਾਰਵਾਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਜਾਵੇ। ਜ਼ਿਲਾ ਲੁਧਿਆਣਾ ਵਿੱਚ ਹਾਲੇ ਤੱਕ ਸ਼ੱਕੀ ਮਰੀਜ਼ਾਂ ਦੇ ਤਿੰਨ ਨਮੂਨੇ ਲਏ ਗਏ ਹਨ, ਜੋ ਕਿ ਸਾਰੇ ਨੈਗੇਟਿਵ ਆਏ ਹਨ। ਉਨ੍ਹਾਂ ਸਾਰੇ ਐੱਸ. ਡੀ. ਐੱਮਜ਼ ਅਤੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਜਿੰਨੀਆਂ ਵੀ ਇਮਾਰਤਾਂ ਵਰਤੋਂ ਵਿੱਚ ਨਹੀਂ ਹਨ, ਉਨ੍ਹਾਂ ਦੀ ਪਛਾਣ ਕਰ ਲਈ ਜਾਵੇ ਤਾਂ ਜੋ ਲੋੜ ਪੈਣ ‘ਤੇ ਉਨ੍ਹਾਂ ਨੂੰ ‘ਆਈਸੋਲੇਸ਼ਨ’ ਵਾਰਡਾਂ ਅਤੇ ਘੇਰਾਬੰਦੀ ਖੇਤਰ ਵਿੱਚ ਤਬਦੀਲ ਕੀਤਾ ਜਾ ਸਕੇ। ਇਸੇ ਤਰ੍ਹਾਂ ਵੱਖ-ਵੱਖ ਥਾਵਾਂ ‘ਤੇ ‘ਮੌਕ ਡਰਿੱਲ’ ਵੀ ਕਰਾਉਣ ਬਾਰੇ ਕਿਹਾ ਗਿਆ।

ਨਿੱਜੀ ਹਸਪਤਾਲਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਲੋੜ ਪੈਣ ‘ਤੇ ਪ੍ਰਸਾਸ਼ਨ ਦਾ ਹਰ ਤਰ੍ਹਾਂ ਦਾ ਸਹਿਯੋਗ ਕਰਨ ਲਈ ਤਿਆਰ ਰਹਿਣ। ਸ੍ਰੀ ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਿਹਤ ਸਲਾਹਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਿਆ ਜਾ ਸਕੇ। ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਅਨੁਸਾਰ ਫ਼ਿਲਹਾਲ ਜ਼ਿਲ੍ਹਾ ਲੁਧਿਆਣਾ ਵਿੱਚ ਇਸ ਬਿਮਾਰੀ ਤੋਂ ਪੀੜਤ ਕੋਈ ਸ਼ੱਕੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਦੱਸਣਯੋਗ ਹੈ ਕਿ ਸਿਹਤ ਸਲਾਹ ਵਿੱਚ ਦੱਸਿਆ ਗਿਆ ਕਿ ਕਿਸੇ ਨਾਲ ਹੱਥ ਨਾ ਮਿਲਾਓ, ਕਿਸੇ ਨੂੰ ਗਲਵੱਕੜੀ ਨਾ ਪਾਓ, ਖੁੱਲੇ ਵਿੱਚ ਨਾ ਥੁੱਕੋ, ਜਿਸ ਵਿਅਕਤੀ ਨੂੰ ਬੁਖਾਰ ਹੈ ਉਸਨੂੰ ਭੀੜ ਵਿੱਚ ਜਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਜਿਸ ਵਿਅਕਤੀ ਨੂੰ ਖੰਘ ਜਾਂ ਬੁਖਾਰ ਹੈ ਉਸ ਵਿਅਕਤੀ ਤੋਂ ਲਗਭਗ 1 ਮੀਟਰ ਦੀ ਦੂਰੀ ਰੱਖੋ।

ਜੇਕਰ ਕਿਸੇ ਵਿਅਕਤੀ ਨੂੰ ਖੰਘ ਜਾਂ ਬੁਖਾਰ ਹੈ ਤਾਂ ਉਸ ਨੂੰ ਆਪਣਾ ਮੂੰਹ ਮਾਸਕ ਜਾਂ ਰੁਮਾਲ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ। ਜਿਸ ਵਿਅਕਤੀ ਨੂੰ ਖੰਘ ਜਾਂ ਬੁਖਾਰ ਹੈ ਉਸ ਨੂੰ ਲਾਜਮੀ ਤੌਰ ਤੇ ਨਜਦੀਕੀ ਸਰਕਾਰੀ ਹਸਪਤਾਲ ਵਿੱਚ ਰਿਪੋਰਟ ਕਰਨੀ ਚਾਹੀਦੀ ਹੈ। ਜੇਕਰ ਕਿਸੇ ਵਿਅਕਤੀ ਨੇ ਪਿਛਲੇ 14 ਦਿਨਾਂ ਦੌਰਾਨ ਚੀਨ, ਨੇਪਾਲ ਦੀ ਯਾਤਰਾ ਕੀਤੀ ਹੋਵੇ ਤਾਂ ਉਸ ਨੂੰ 14 ਦਿਨਾਂ ਲਈ ਘਰ ਵਿੱਚ ਅਲੱਗ ਰੱਖਿਆ ਜਾਣਾ ਚਾਹੀਦਾ ਹੈ ਅਤੇ ਕਿਸੇ ਭੀੜ ਵਾਲੇ ਸਥਾਨ ‘ਤੇ ਨਹੀਂ ਜਾਣਾ ਚਾਹੀਦਾ। ਸਿਹਤਮੰਦ ਵਿਅਕਤੀ ਜਿਸਨੂੰ ਖੰਘ, ਬੁਖਾਰ ਨਹੀਂ ਹੈ, ਨੂੰ ਮਾਸਕ ਦੀ ਜਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਸੰਕੇਤ ਅਤੇ ਲੱਛਣ (ਖਾਂਸੀ, ਬੁਖਾਰ ਜਾਂ ਸਾਹ ਲੈਣ ਵਿੱਚ ਮੁਸ਼ਕਲ) ਵਾਲੇ ਜ਼ਿਲ੍ਹਾ ਲੁਧਿਆਣਾ ਲਈ ਹੈਲਪਲਾਈਨ ਨੰਬਰ 0161-2444193 ਜਾਂ ਡਾ: ਦਿਵਜੋਤ ਸਿੰਘ ਨੂੰ 9041274030 ਜਾਂ ਡਾਕਟਰ ਰਮੇਸ਼ ਕੁਮਾਰ ਨੂੰ 9855716180 ‘ਤੇ ਕਾਲ ਕਰ ਸਕਦੇ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਬਿਮਾਰੀ ਇਲਾਜ਼ਯੋਗ ਹੈ ਅਤੇ ਇਸ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ। ਜੇਕਰ ਭਵਿੱਖ ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਵੀ ਹੈ ਤਾਂ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਇਸ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।

Facebook Comments

Trending