Connect with us

ਪੰਜਾਬੀ

ਵਿਧਾਇਕਾਂ ਵੱਲੋਂ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਨੂੰ ਸਮਝਣ ਲਈ ਮਾਪੇ-ਅਧਿਆਪਕ ਮਿਲਣੀ ‘ਚ ਕੀਤੀ ਸ਼ਮੂਲੀਅਤ

Published

on

MLAs participated in parent-teacher meeting to understand the ground reality of government schools

ਲੁਧਿਆਣਾ : ਪੰਜਾਬ ਵਿੱਚ ਨਿਵੇਕਲੀ ਪਹਿਲਕਦਮੀ ਕਰਦਿਆਂ, ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਵਿਦਿਅਕ ਸੰਸਥਾਵਾਂ ਦੀਆਂ ਜ਼ਮੀਨੀ ਹਕੀਕਤ ਨੂੰ ਸਮਝਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਆਯੋਜਿਤ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸ਼ਮੂਲੀਅਤ ਕਰਦਿਆਂ ਅਧਿਆਪਕਾਂ-ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ।

ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਰਜਿੰਦਰਪਾਲ ਕੌਰ ਛੀਨਾ, ਮਨਵਿੰਦਰ ਸਿੰਘ ਗਿਆਸਪੁਰਾ, ਅਸ਼ੋਕ ਪਰਾਸ਼ਰ ਪੱਪੀ, ਤਰੁਨਪ੍ਰੀਤ ਸਿੰਘ ਸੌਂਦ, ਕੁਲਵੰਤ ਸਿੰਘ ਸਿੱਧੂ, ਜੀਵਨ ਸਿੰਘ ਸੰਗੋਵਾਲ ਅਤੇ ਜਗਤਾਰ ਸਿੰਘ ਦਿਆਲਪੁਰਾ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਪਤਨੀ ਡਾ. ਸੁਖਚੈਨ ਕੌਰ ਬੱਸੀ ਅਤੇ ਹੋਰਨਾਂ ਵੱਲੋਂ ਆਪੋ-ਆਪਣੇ ਹਲਕਿਆਂ ਵਿੱਚ ਸਕੂਲਾਂ ਦਾ ਦੌਰਾ ਕੀਤਾ।

ਵਿਦਿਆਰਥੀਆਂ ਨੂੰ ਕਦੇ ਵੀ ਹਾਰ ਨਾ ਮੰਨਣ ਦੀ ਪ੍ਰੇਰਨਾ ਦਿੰਦਿਆਂ ਵਿਧਾਇਕਾਂ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸਫਲਤਾ ਅਤੇ ਅਸਫਲਤਾ ਜ਼ਿੰਦਗੀ ਦਾ ਹਿੱਸਾ ਹਨ ਅਤੇ ਜੋ ਚੁਣੌਤੀਆਂ ਅਤੇ ਰੁਕਾਵਟਾਂ ਦਾ ਡੱਟ ਕੇ ਮੁਕਾਬਲਾ ਕਰਦਿਆਂ ਅੱਗੇ ਵੱਧਦੇ ਹਨ, ਦੁਨੀਆ ਹਮੇਸ਼ਾ ਉਨ੍ਹਾਂ ਨੂੰ ਯਾਦ ਕਰਦੀ ਹੈ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਸਮਰਪਣ ਦੇ ਗੁਣ ਧਾਰਨ ਕਰਨੇ ਚਾਹੀਦੇ ਹਨ ਕਿਉਂਕਿ ਇਹੀ ਸਫਲਤਾ ਦੀ ਕੁੰਜੀ ਹਨ। ਵਿਧਾਇਕਾਂ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਲਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਸ਼ਾਨ ਨੂੰ ਵਾਪਸ ਲਿਆਉਣ ਲਈ ਬਹੁਪੱਖੀ ਰਣਨੀਤੀ ਲਾਗੂ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਅਨੁਸਾਰ ਇਸ ਸਾਲ 100 ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਜਾਵੇਗਾ ਅਤੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾਵੇਗਾ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਹਿਲਾਂ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਅਧਿਆਪਕਾਂ ਅਤੇ ਹੋਰ ਸਟਾਫ਼ ਦੀ ਭਰਤੀ ਕਰਨ ‘ਤੇ ਧਿਆਨ ਕੇਂਦਰਿਤ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਅਧਿਆਪਕਾਂ ਨੂੰ ਦੇਸ਼ ਦੇ ਸਿਰਜਣਹਾਰ ਦੱਸਦਿਆਂ ਉਨ੍ਹਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਭਾਰਤ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੁਹਿਰਦ ਯਤਨ ਕਰੇਗੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੇ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲੇਵਾਲ, ਗਿਆਸਪੁਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢੰਡਾਰੀ ਦਾ ਦੌਰਾ ਕੀਤਾ ਅਤੇ ਮਾਪਿਆਂ-ਅਧਿਆਪਕਾ ਨਾਲ ਮੁਲਾਕਾਤ ਕੀਤੀ।

ਸ੍ਰੀਮਤੀ ਮਲਿਕ ਨੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਅਨੁਸ਼ਾਸਨ ਨਾਲ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਮਿਡ-ਡੇ-ਮੀਲ ਦੀ ਰਸੋਈ ਵਿੱਚ ਤਿਆਰ ਭੋਜਨ ਦੀ ਗੁਣਵੱਤਾ ਦੀ ਜਾਂਚ ਵੀ ਕੀਤੀ।

Facebook Comments

Trending