ਖੇਤੀਬਾੜੀ

ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਸੂਬੇ ਵਿੱਚ ਨਵੀਂ ਬਣਨ ਵਾਲੀ ਸਰਕਾਰ- ਕਿਸਾਨ ਆਗੂ

Published

on

ਲੁਧਿਆਣਾ : ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਇੰਦਰਜੀਤ ਸਿੰਘ ਕੋਟਬੁੱਢਾ, ਹਰਪਾਲ ਸਿੰਘ ਸੰਘਾ ਅਤੇ ਸਤਨਾਮ ਸਿੰਘ ਬਾਗੜੀਆ ਦੀ ਪ੍ਰਧਾਨਗੀ ਹੇਠ ਬੀਬੀ ਅਮਰ ਕੌਰ ਯਾਦਗਾਰੀ ਲਾਇਬ੍ਰੇਰੀ ਹਾਲ ਲੁਧਿਆਣਾ ਵਿੱਚ ਹੋਈ।

ਅੱਜ ਜੁੜੀਆਂ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਪ੍ਰੋਗਰਾਮਾਂ ਤੇ ਤਸੱਲੀ ਪ੍ਰਗਟਾਉਦਿਆਂ ਕੇੰਦਰ ਸਰਕਾਰ ਨੂੰ ਇੱਕ ਵਾਰ ਫਿਰ ਚੇਤਾਵਨੀ ਦਿੱਤੀ ਕਿ ਅੰਦੋਲਨ ਦੌਰਾਨ ਦਰਜ ਕੇਸ ਵਾਪਸ ਲੈਣ, ਐੱਮਐੱਸਪੀ ਦਾ ਗਰੰਟੀ ਕਾਨੂੰਨ ਬਣਾਉਣ ਅਤੇ ਲਖੀਮਪੁਰ ਖੀਰੀ ਦੇ ਕਿਸਾਨਾਂ ਨੂੰ ਇਨਸਾਫ਼ ਦੇਣ ਦੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ ਨਹੀਂ ਤਾਂ ਪੰਜ ਸੂਬਿਆਂ ਦੀਆਂ ਚੋਣਾਂ ਪਿੱਛੋਂ ਸੰਯੁਕਤ ਕਿਸਾਨ ਕਿਸਾਨ ਮੋਰਚਾ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕਰੇਗਾ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਸਰਕਾਰ ਦੇ ਹੋੰਦ ਵਿੱਚ ਆਉਣ ਤੋਂ ਬਾਅਦ ਪੰਜਾਬ ਅੰਦਰ ਕਰਜੇ ਅਤੇ ਫਸਲਾਂ ਦੇ ਭਾਅ ਦੀ ਗਾਰੰਟੀ ਲਈ ਸੰਘਰਸ਼ ਵਿੱਢਿਆ ਜਾਵੇਗਾ। ਕਿਸਾਨਾਂ ਦੀਆਂ ਮੰਗਾਂ ਪੂਰੀ ਨਾ ਹੋਣ ਦੀ ਸੂਰਤ ਵਿੱਚ ਨਵੀਂ ਸਰਕਾਰ ਨੂੰ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਵੀ ਤਿਆਰ ਰਹਿਣਾ ਪਵੇਗਾ ।

ਇਸ ਮੌਕੇ ਸ਼ੋਕ ਮਤੇ ਰਾਹੀਂ ਪੰਜਾਬੀ ਨੌਜਵਾਨ ਅਦਾਕਾਰ ਦੀਪ ਸਿੱਧੂ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਡਾ ਦਰਸ਼ਨ ਪਾਲ ਨੇ ਕਿਹਾ ਕਿ ਪੰਜਾਬ ਅੰਦਰ ਨਵੀਂ ਸਰਕਾਰ ਬਣਨ ਤੋਂ ਪਹਿਲਾਂ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾ ਰਹੀ ਹੈ ਤਾਂ ਜੋ ਨਵੀਂ ਸਰਕਾਰ ਬਣਨ ਤੇ ਕਿਸਾਨਾਂ ਦੀਆਂ ਮੰਗਾਂ ਮਨਵਾਈਆਂ ਜਾ ਸਕਣ।

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀਆਂ ਦਾ ਇੱਕ ਵਫ਼ਦ ਬਿਜਲੀ ਬੋਰਡ ਦੇ ਮੁੱਖ ਚੀਫ ਨੂੰ ਮਿਲ ਕੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਗੱਲਬਾਤ ਕਰੇਗਾ । ਅੱਜ ਦੀ ਮੀਟਿੰਗ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੇ ਨਾਲ-ਨਾਲ ਸਰਕਾਰ ਵੱਲੋਂ ਗੰਨੇ ਦੀ ਕੀਤੀ ਜਾਣ ਵਾਲੀ ਕਾਊੰਟਰ ਪੇਮੈਂਟ ਅਤੇ ਬਕਾਏ ਦੀ ਅਦਾਇਗੀ ਨੂੰ ਤੁਰੰਤ ਜਾਰੀ ਕੀਤਾ ਜਾਵੇ ।

Facebook Comments

Trending

Copyright © 2020 Ludhiana Live Media - All Rights Reserved.