ਪੰਜਾਬੀ

ਫਸਲਾਂ ਦੇ ਨੁਕਸਾਨ ਦੀ ਰਿਪੋਰਟ ਪੂਰੀ ਹੋਣ ਤੱਕ ਕੋਈ ਵੀ ਅਧਿਕਾਰੀ ਛੁੱਟੀ ਨਹੀਂ ਲਵੇਗਾ – ਸੁਰਭੀ ਮਲਿਕ

Published

on

ਲੁਧਿਆਣਾ : ਫਸਲਾਂ ਦੇ ਨੁਕਸਾਨ ਦੇ ਮੁਲਾਂਕਣ ਵਿੱਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਵਿੱਚ ਗਿਰਦਾਵਰੀ ਦਾ ਕੰਮ ਨਿਸ਼ਚਿਤ ਸਮੇਂ ਵਿੱਚ ਮੁਕੰਮਲ ਕਰਨ ਲਈ ਵਧੀਕ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਛੇ ਟੀਮਾਂ ਤਾਇਨਾਤ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸਮੇਤ ਐਸ.ਡੀ.ਐਮ, ਜ਼ਿਲ੍ਹਾ ਮਾਲ ਅਫ਼ਸਰ ਅਤੇ ਤਹਿਸੀਲਦਾਰ ਮਨਮੋਹਨ ਸਬ-ਡਵੀਜ਼ਨ ਵਿੱਚ ਗਿਰਦਾਵਰੀ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਹਨ।

ਸਮਰਾਲਾ ਅਤੇ ਮਾਛੀਵਾੜਾ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਦੇ ਨਾਲ ਐਸ.ਡੀ.ਐਮ, ਤਹਿਸੀਲਦਾਰ ਕੰਮ ਦੀ ਨਿਗਰਾਨੀ ਕਰ ਰਹੇ ਹਨ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੀਤਾ ਦਰਸ਼ੀ ਦੇ ਨਾਲ ਐਸ.ਡੀ.ਐਮ. ਸਵਾਤੀ ਟਿਵਾਣਾ, ਤਹਿਸੀਲਦਾਰ ਲਕਸ਼ੈ ਕੁਮਾਰ ਅਤੇ ਨਾਇਬ ਤਹਿਸੀਲਦਾਰ ਰਮਨ ਕੁਮਾਰ ਵਲੋਂ ਲੁਧਿਆਣਾ ਪੱਛਮੀ ਅਤੇ ਮੁੱਲਾਂਪੁਰ-ਦਾਖਾ ਖੇਤਰਾਂ ਵਿੱਚ ਫਸਲਾਂ ਦੇ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਦੀ ਜ਼ਿੰਮੇਵਾਰੀ ਲਈ ਹੈ।

ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜਰ ਅਮਿਤ ਸਰੀਨ, ਐਸ.ਡੀ.ਐਮਜ਼ ਜਸਲੀਨ ਕੌਰ, ਮਨਜੀਤ ਕੌਰ, ਗੁਰਬੀਰ ਸਿੰਘ ਕੋਹਲੀ ਸਮੇਤ ਤਹਿਸੀਲਦਾਰ ਗੁਰਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ, ਨਵਦੀਪ ਭੋਗਲ ਅਤੇ ਗੁਰਪ੍ਰੀਤ ਕੌਰ ਸਮੇਤ ਪਾਇਲ, ਖੰਨਾ ਅਤੇ ਰਾਏਕੋਟ ਦੇ ਖੇਤਰਾਂ ਨੂੰ ਕਵਰ ਕਰ ਰਹੇ ਹਨ।

ਐਸ.ਡੀ.ਐਮ. ਗੁਰਸਿਮਰਨ ਸਿੰਘ ਢਿੱਲੋਂ ਸਮੇਤ ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ, ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ, ਨਾਇਬ ਤਹਿਸੀਲਦਾਰ ਜਗਦੀਪ ਸਿੰਘ, ਹਰਮਿੰਦਰ ਚੀਮਾ ਅਤੇ ਮਨਵੀਰ ਕੌਰ ਲੁਧਿਆਣਾ ਪੂਰਬੀ ਸਬ-ਡਵੀਜ਼ਨ ਅਧੀਨ ਆਉਂਦੇ ਪਿੰਡਾਂ ਦੀ ਰਿਪੋਰਟ ਤਿਆਰ ਕਰ ਰਹੇ ਹਨ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਆਪੋ-ਆਪਣੇ ਖੇਤਰ ਦੇ ਪਿੰਡਾਂ ਦਾ ਨਿੱਜੀ ਤੌਰ ‘ਤੇ ਦੌਰਾ ਕਰਨ ਤਾਂ ਜੋ ਰਿਪੋਰਟਾਂ ਨੂੰ ਜਲਦ ਅਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਰੀ ਪ੍ਰਕਿਰਿਆ ਪੂਰੀ ਹੋਣ ਤੱਕ ਕੋਈ ਵੀ ਅਧਿਕਾਰੀ ਛੁੱਟੀ ਨਹੀਂ ਲਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਦਿਨੀਂ ਬੇਮੌਸਮੀ ਬਰਸਾਤ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮੇਂ ਸਿਰ ਮੁਆਵਜ਼ਾ ਦਿੱਤਾ ਜਾ ਸਕੇ।

Facebook Comments

Trending

Copyright © 2020 Ludhiana Live Media - All Rights Reserved.