ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਨੁਸਾਰ ਇਨ੍ਹਾਂ 40 ਹਸਪਤਾਲਾਂ ‘ਚ 19 ਜ਼ਿਲ੍ਹਾ ਹਸਪਤਾਲ, 6 ਸਬ-ਡਵੀਜ਼ਨ ਹਸਪਤਾਲ ਤੇ 15 ਕਮਿਊਨਿਟੀ ਹੈਲਥ ਸੈਂਟਰ (ਸੀਐੱਚਸੀ) ਸ਼ਾਮਲ ਹਨ। ਪੰਜਾਬ ਸਰਕਾਰ ਇਸ ਕੰਮ ਨੂੰ ਇਸੇ ਸਾਲ ਹੀ ਮੁਕੰਮਲ ਕਰੇਗੀ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਜ਼ਰੂਰਤ ਅਨੁਸਾਰ ਨਵੀਆਂ ਇਮਾਰਤਾਂ ਦਾ ਨਿਰਮਾਣ ਅਤੇ ਡਾਕਟਰਾਂ ਤੇ ਸਟਾਫ ਦੀ ਲੋੜੀਂਦੀ ਗਿਣਤੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਦੀਆਂ ਅਪਗ੍ਰੇਡ ਕੀਤੀਆਂ ਇਮਾਰਤਾਂ ਨੂੰ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ।