ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਮਹਾਮਾਰੀ ਕਰਕੇ ਪਿਛਲੇ ਸਾਲ ਤੋਂ ਬੰਦ ਪਿਆ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਲਈ ਹੁਣ ਪਾਕਿਸਤਾਨ ਵੀ ਤਿਆਰ ਹੈ। ਪਾਕਿਸਤਾਨ ਨੇ ਮੰਗਲਵਾਰ ਨੂੰ ਭਾਰਤ ਨੂੰ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਣ ਅਤੇ ਸਿੱਖ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਆਉਣ ਵਾਲੇ ਪ੍ਰਕਾਸ਼ ਪੁਰਬ ਦੇ ਜਸ਼ਨਾਂ ਲਈ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ, ਜਿਸ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਵੀ ਇਸ ਲਈ ਮਨਜ਼ੂਰੀ ਦੇ ਸਕਦੇ ਹਨ। ਵਿਦੇਸ਼ ਦਫਤਰ ਦੇ ਅਨੁਸਾਰ ਕਰਤਾਰਪੁਰ ਲਾਂਘੇ ਦਾ ਉਦਘਾਟਨ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ 9 ਨਵੰਬਰ, 2019 ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ‘ਤੇ ਕੀਤਾ ਸੀ। ਪਰ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਕੁਝ ਮਹੀਨਿਆਂ ਬਾਅਦ ਹੀ ਕੋਰੋਨਾ ਵਾਇਰਸ ਮਹਾਮਾਰੀ ਨੇ ਦੁਨੀਆ ਦੇ ਨਾਲ-ਨਾਲ ਇਸ ਖੇਤਰ ਨੂੰ ਵੀ ਪ੍ਰਭਾਵਿਤ ਕੀਤਾ। ਜਿਸ ਕਾਰਨ ਮਾਰਚ 2020 ਤੋਂ ਸ਼ਰਧਾਲੂਆਂ ਦੀ ਆਵਾਜਾਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਗੁਆਂਢੀ ਦੇਸ਼ ਨੇ ਇਸ ਸਾਲ ਅਪ੍ਰੈਲ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧੇ ਦਾ ਹਵਾਲਾ ਦਿੰਦੇ ਹੋਏ ਭਾਰਤ ਤੋਂ ਸਾਰੀਆਂ ਯਾਤਰਾਵਾਂ ‘ਤੇ ਪਾਬੰਦੀ ਲਗਾ ਦਿੱਤੀ ਹੈ।
ਉੱਥੇ ਹੀ ਪਾਕਿਸਤਾਨ ਦੇ ਵਿਦੇਸ਼ ਦਫਤਰ ਨੇ ਕਿਹਾ, “ਭਾਰਤ ਨੇ ਅਜੇ ਤੱਕ ਆਪਣੇ ਪਾਸੇ ਤੋਂ ਲਾਂਘਾ ਨਹੀਂ ਖੋਲ੍ਹਿਆ ਹੈ ਅਤੇ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ।” ਬਿਆਨ ਵਿੱਚ ਕਿਹਾ ਗਿਆ ਹੈ, “ਅਸੀਂ 17 ਤੋਂ 26 ਨਵੰਬਰ ਤੱਕ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ‘ਤੇ ਜਸ਼ਨਾਂ ਲਈ ਭਾਰਤ ਅਤੇ ਦੁਨੀਆ ਭਰ ਦੇ ਸ਼ਰਧਾਲੂਆਂ ਦੀ ਮੇਜ਼ਬਾਨੀ ਕਰਨ ਦੀ ਉਮੀਦ ਕਰਦੇ ਹਾਂ। ਬਿਆਨ ਵਿੱਚ ਅੱਗੇ ਕਿਹਾ ਗਿਆ ਹੈ ਕਿ ‘ਪਾਕਿਸਤਾਨ ਨੂੰ ਉਮੀਦ ਹੈ ਕਿ ਭਾਰਤ ਸਹਿਯੋਗ ਦੀ ਭਾਵਨਾ ਨਾਲ ਸ਼ਰਧਾਲੂਆਂ ਨੂੰ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਦੇਵੇਗਾ। ਚਾਰ ਕਿਲੋਮੀਟਰ ਲੰਬੇ ਕਰਤਾਰਪੁਰ ਕੋਰੀਡੋਰ ਰਾਹੀਂ ਭਾਰਤੀ ਸਿੱਖ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬਿਨਾਂ ਵੀਜ਼ੇ ਦੇ ਜਾ ਸਕਦੇ ਹਨ। ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ 16ਵੀਂ ਸਦੀ ਦੇ ਸ਼ੁਰੂ ਵਿੱਚ ਇਸ ਗੁਰਦੁਆਰੇ ਵਿੱਚ ਰਹੇ ਅਤੇ ਜੋਤੀ-ਜੋਤ ਸਮਾਏ ਸਨ।