ਖੇਤੀਬਾੜੀ

ਪੰਜਾਬ ਬਦਲਵੀਆਂ ਫਸਲਾਂ ਲਈ ਤਿਆਰ ਪਰ ਕੇਂਦਰ ਸਰਕਾਰ ਫਸਲਾਂ ਦਾ ਲਾਹੇਵੰਦ ਭਾਅ ਦੇਵੇ-ਮੁੱਖ ਮੰਤਰੀ

Published

on

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਪਾਣੀ ਦੇ ਗੰਭੀਰ ਸੰਕਟ ਦੇ ਹੱਲ ਲਈ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀਆਂ ਫਸਲਾਂ ਦੀ ਬਜਾਏ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਭਾਰਤ ਸਰਕਾਰ ਨੂੰ ਇਨ੍ਹਾਂ ਫਸਲਾਂ ’ਤੇ ਲਾਹੇਵੰਦ ਭਾਅ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ।

ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਕਿਸਾਨੀ, ਜਵਾਨੀ ਤੇ ਪੌਣ-ਪਾਣੀ ਬਚਾਈਏ, ਆਓ ‘ਰੰਗਲਾ ਪੰਜਾਬ’ ਬਣਾਈਏ’ ਦੇ ਨਾਅਰੇ ਨਾਲ ਅੱਜ ਸ਼ੁਰੂ ਹੋਏ ਦੋ-ਰੋਜ਼ਾ ਕਿਸਾਨ ਮੇਲੇ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇਸੰਜ਼ ਯੂਨੀਵਰਸਿਟੀ ਦੇ ਪਸ਼ੂ ਪਾਲਣ ਮੇਲੇ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਝੋਨੇ ਦੇ ਬਦਲ ਵਜੋਂ ਸੂਰਜਮੁਖੀ, ਦਾਲਾਂ ਤੇ ਮੱਕੀ ਵਰਗੀਆਂ ਫਸਲਾਂ ਬੀਜਣ ਲਈ ਤਿਆਰ ਹਨ ਪਰ ਕੇਂਦਰ ਸਰਕਾਰ ਝੋਨੇ ਦੇ ਬਰਾਬਰ ਮੁਨਾਫੇ ਵਜੋਂ ਇਨ੍ਹਾਂ ਫਸਲਾਂ ਉਤੇ ਲਾਹੇਵੰਦ ਭਾਅ ਦੇਵੇ ਤਾਂ ਕਿ ਸੂਬੇ ਵਿਚ ਪਾਣੀ ਦੇ ਸੰਕਟ ਦੇ ਮੰਡਰਾ ਰਹੇ ਬੱਦਲ ਹੋਰ ਗਹਿਰੇ ਨਾ ਹੋਣ।

ਭਗਵੰਤ ਮਾਨ ਨੇ ਕਿਹਾ, “ਸਾਡੇ ਕਿਸਾਨ ਵੀ ਦਿਨੋ-ਦਿਨ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਝੋਨੇ ਦੀ ਪਰਾਲੀ ਨਾਲ ਪਲੀਤ ਹੁੰਦੇ ਵਾਤਾਵਰਣ ਤੋਂ ਬਹੁਤ ਚਿੰਤਤ ਹਨ ਪਰ ਉਹ ਆਪਣੀ ਆਮਦਨ ਖੁੱਸਣ ਦੇ ਡਰ ਤੋਂ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਨਹੀਂ ਨਿਕਲ ਰਹੇ। ਪਾਣੀ ਦੇ ਗੰਭੀਰ ਸੰਕਟ ਨੂੰ ਅਸੀਂ ਅੱਖੋਂ-ਪਰੋਖੇ ਨਹੀਂ ਕਰ ਸਕਦੇ ਕਿਉਂਕਿ ਖਾੜੀ ਮੁਲਕ ਆਪਣੀ ਧਰਤੀ ਵਿੱਚੋਂ ਜਿੰਨੀ ਡੂੰਘਾਈ ‘ਚੋਂ ਤੇਲ ਕੱਢ ਰਹੇ ਹਨ, ਅਸੀਂ ਇੱਥੇ ਉਨੀ ਡੂੰਘਾਈ ‘ਚੋਂ ਪਾਣੀ ਕੱਢ ਰਹੇ ਹਾਂ ਜੋ ਸਾਡੇ ਲਈ ਖਤਰੇ ਦੀ ਘੰਟੀ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਕ-ਦੋ ਦਿਨ ਵਿੱਚ ਪਰਾਲੀ ਦੀ ਸਮੱਸਿਆ ਲਈ ਵੱਡਾ ਫੈਸਲਾ ਲਿਆ ਜਾ ਰਿਹਾ ਹੈ ਤਾਂ ਕਿ ਝੋਨਾ ਵੱਢਣ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੁੰਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਸਲ ਵਿਚ ਤਾਂ ਕੇਂਦਰ ਸਰਕਾਰ ਨੂੰ ਪਰਾਲੀ ਦਾ ਢੁਕਵਾਂ ਪ੍ਰਬੰਧ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਕਿਸਾਨ ਦੇਸ਼ ਲਈ ਚੌਲ ਪੈਦਾ ਕਰਦੇ ਹਨ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਖੇਤੀ ਮਾਹਿਰਾਂ ਨੂੰ ਨਵੀਆਂ ਤਕਨੀਕਾਂ ਅਤੇ ਚੁਣੌਤੀਆਂ ਬਾਰੇ ਕਿਸਾਨਾਂ ਨੂੰ ਜਾਣੂੰ ਕਰਵਾਉਣ ਲਈ ਖੁਦ ਉਨ੍ਹਾਂ ਕੋਲ ਪਹੁੰਚ ਕਰਨ ਦੇ ਆਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਵਿਚ ਰੁੱਝੇ ਕਿਸਾਨ ਕੋਲ ਖੇਤੀ ਸੰਸਥਾਵਾਂ ਕੋਲ ਪਹੁੰਚ ਕਰਕੇ ਨਵੀਆਂ ਖੋਜਾਂ ਤੇ ਤਕਨੀਕਾਂ ਬਾਰੇ ਸਿੱਖਣ ਦਾ ਸਮਾਂ ਨਹੀਂ ਹੁੰਦਾ ਜਿਸ ਕਰਕੇ ਖੇਤੀ ਮਾਹਿਰਾਂ ਨੂੰ ਹੀ ਖੇਤਾਂ ਵੱਲ ਰੁਖ ਕਰਨਾ ਪਵੇਗਾ ਤਾਂ ਕਿ ਕਿਸਾਨ ਆਧੁਨਿਕ ਅਤੇ ਅਗਾਂਹਵਧੂ ਖੇਤੀ ਢੰਗ-ਤਰੀਕਿਆਂ ਨੂੰ ਅਪਣਾ ਕੇ ਹੋਰ ਤਰੱਕੀ ਕਰ ਸਕਣ।

ਇਸ ਮੌਕੇ ਮੁੱਖ ਮੰਤਰੀ ਨੇ ਅਗਾਂਹਵਧੂ ਕਿਸਾਨਾਂ ਨੂੰ ਉਨ੍ਹਾਂ ਦੇ ਖੇਤੀ ਖੇਤਰ ਵਿਚ ਵਿਲੱਖਣ ਯੋਗਦਾਨ ਲਈ ਸਨਮਾਨਿਤ ਕੀਤਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਮੁੱਖ ਮੰਤਰੀ ਦਾ ਸਨਮਾਨ ਕੀਤਾ।

—————

Facebook Comments

Trending

Copyright © 2020 Ludhiana Live Media - All Rights Reserved.