ਪੰਜਾਬ ਨਿਊਜ਼

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਵਿਰੁੱਧ ਮਤਾ ਪਾਸ, ਚੰਡੀਗੜ੍ਹ ਵਿੱਚ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦਾ ਵਿਰੋਧ

Published

on

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਇਕ ਦਿਨਾ ਵਿਸ਼ੇਸ਼ ਇਜਲਾਸ ਹੋਇਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਸੈਸ਼ਨ ਵਿਚ ਹੋਰ ਮੁੱਦਿਆਂ ‘ਤੇ ਚਰਚਾ ਕਰਨ ਤੋਂ ਇਲਾਵਾ ਚੰਡੀਗੜ੍ਹ ਵਿਚ ਕੇਂਦਰੀ ਸੇਵਾ ਕਾਨੂੰਨ ਨੂੰ ਲਾਗੂ ਕਰਨ ਵਿਰੁੱਧ ਮਤਾ ਪੇਸ਼ ਕੀਤਾ। ਇਸ ਤਜਵੀਜ਼ ‘ਤੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਬਹਿਸ ਦੌਰਾਨ ਜ਼ਿਆਦਾਤਰ ਮੈਂਬਰਾਂ ਨੇ ਇਸ ਮਤੇ ਦਾ ਸਮਰਥਨ ਕੀਤਾ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵ ‘ਤੇ ਸਾਰੇ ਮੈਂਬਰਾਂ ਦੇ ਵਿਚਾਰਾਂ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ। ਕੇਂਦਰ ਸਰਕਾਰ ਨੇ ਇਸ ਕਦਮ ਨਾਲ ਪੰਜਾਬ ਦੇ ਹੱਕਾਂ ਨੂੰ ਠੇਸ ਪਹੁੰਚਾਈ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕਾਂਗਰਸ ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਇਸ਼ਾਰਿਆਂ ਵਿਚ ਕੈਪਟਨ ਅਮਰਿੰਦਰ ਸਿੰਘ ਸਰਕਾਰ ‘ਤੇ ਵੀ ਹਮਲਾ ਬੋਲਿਆ। ਕਾਂਗਰਸੀ ਵਿਧਾਇਕਾਂ ਵੱਲ ਮੁੜਦਿਆਂ ਉਨ੍ਹਾਂ ਕਿਹਾ, “ਤੁਹਾਡੇ ਸਮੇਂ ਵਿੱਚ ਸਾਢੇ ਚਾਰ ਸਾਲ ਤੱਕ ਸਰਕਾਰ ਦੇ ਦਰਵਾਜ਼ੇ ਨਹੀਂ ਖੋਲ੍ਹੇ ਗਏ।

ਕਾਂਗਰਸੀ ਵਿਧਾਇਕਾਂ ਨੇ ਵੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਮਤੇ ਦਾ ਸਮਰਥਨ ਕੀਤਾ ਹੈ। ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਕਦਮ ਗਲਤ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦੇਣੀ ਚਾਹੀਦੀ ਹੈ। ਆਓ ਸਾਰੇ ਮਿਲ ਕੇ ਇਸ ‘ਤੇ ਲੜੀਏ। ਸੁਖਪਾਲ ਖਹਿਰਾ ਨੇ ਕਿਹਾ ਕਿ ਸਾਰੇ 117 ਵਿਧਾਇਕਾਂ ਨੂੰ ਪ੍ਰਧਾਨ ਮੰਤਰੀ ਦੇ ਘਰ ਅੱਗੇ ਧਰਨਾ ਦੇਣਾ ਚਾਹੀਦਾ ਹੈ।

ਭਗਵੰਤ ਮਾਨ ਜਦੋਂ ਬੋਲ ਰਹੇ ਸਨ ਤਾਂ ਕਾਂਗਰਸ ਦੇ ਰਾਣਾ ਗੁਰਜੀਤ ਸਿੰਘ ਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਕੀਤਾ। ਇਸ ਨੂੰ ਲੈ ਕੇ ਆਪ ਵਿਧਾਇਕਾਂ ਅਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਗਰਮਾ ਗਰਮੀ ਹੋਈ। ਇਸ ਦੌਰਾਨ ਸਪੀਕਰ ਵੱਲੋਂ ਹੰਗਾਮਾ ਕਰਨ ਦੇ ਦੋਸ਼ ‘ਚ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਸਦਨ ‘ਚੋਂ ਬਾਹਰ ਕੀਤਾ ਗਿਆ। ਉਹ ਆਜ਼ਾਦ ਵਿਧਾਇਕ ਹਨ ਅਤੇ ਅੱਜ ਵਿਧਾਨ ਸਭਾ ਵਿੱਚ ਉਨ੍ਹਾਂ ਦਾ ਪਹਿਲਾ ਦਿਨ ਸੀ । ਉਹ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਹਨ। ਸਪੀਕਰ ਦੇ ਕਹਿਣ ਤੇ ਜਦੋਂ ਉਹ ਸਦਨ ਤੋਂ ਬਾਹਰ ਨਾ ਨਿਕਲੇ ਤਾਂ ਮਾਰਸ਼ਲ ਨੇ ਉਨ੍ਹਾਂ ਨੂੰ ਬਾਹਰ ਕੱਢ ਦਿੱਤਾ।

Facebook Comments

Trending

Copyright © 2020 Ludhiana Live Media - All Rights Reserved.