ਲੁਧਿਆਣਾ : ਪ੍ਰੋਫ਼ੈਸਰ ਅਤੇ ਡੀ.ਐਮ.ਸੀ. ਕਾਲਜ ਅਤੇ ਹਸਪਤਾਲ, ਲੁਧਿਆਣਾ ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ 8 ਜੁਲਾਈ, 2023 ਤੋਂ ਪੰਜ ਸਾਲਾਂ ਦੀ ਮਿਆਦ ਲਈ ਹੋਵੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਪ੍ਰਸਿੱਧ ਕਾਰਡੀਓਲੋਜਿਸਟ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ’ਤੇ ਵਧਾਈ ਦਿੱਤੀ।
ਇਸ ਨਿਯੁਕਤੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਯੂਨੀਵਰਸਿਟੀ, ਡਾ. ਵਾਂਡਰ ਦੀ ਯੋਗ ਅਤੇ ਗਤੀਸ਼ੀਲ ਅਗਵਾਈ ਵਿਚ ਨਵੀਆਂ ਉਚਾਈਆਂ ਨੂੰ ਛੂਹੇਗੀ। ਉਨ੍ਹਾਂ ਨੇ ਸੂਬੇ ਦੇ ਇੱਕ ਉੱਘੇ ਕਾਰਡੀਓਲੋਜਿਸਟ ਵਜੋਂ ਡਾ. ਵਾਂਡਰ ਵੱਲੋਂ ਲੋਕਾਂ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਸ ਵੱਕਾਰੀ ਅਹੁਦੇ ’ਤੇ ਡਾ. ਵਾਂਡਰ ਦੀ ਨਿਯੁਕਤੀ ਹਰ ਪੰਜਾਬੀ ਲਈ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ।