ਪੰਜਾਬੀ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਸਮਾਰਟ ਸਿਟੀ ਪ੍ਰੋਜੈਕਟਾਂ ਅਤੇ ਵਾਰਡਾਂ ਦੀ ਹੱਦਬੰਦੀ ਦਾ ਜਾਇਜ਼ਾ

Published

on

ਲੁਧਿਆਣਾ :  ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਦੱਸਿਆ ਗਿਆ ਕਿ ਸਾਰੇ ਨਗਰ ਨਿਗਮਾਂ/ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਵਿੱਚ ਸਿੰਗਲ ਵਿੰਡੋ ਸਿਸਟਮ ਲਾਗੂ ਕੀਤਾ ਜਾਵੇਗਾ ਤਾਂ ਜੋ ਆਮ ਲੋਕ ਬਿਨ੍ਹਾਂ ਕਿਸੇ ਖੱਜਲ ਖੁਆਰੀ ਦੇ ਆਪਣਾ ਕੰਮ ਕਰਵਾ ਸਕਣ। ਸਮਾਰਟ ਸਿਟੀ ਪ੍ਰੋਜੈਕਟਾਂ ਦੀ ਸਥਿਤੀ ਅਤੇ ਵਾਰਡਾਂ ਦੀ ਚੱਲ ਰਹੀ ਹੱਦਬੰਦੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਵਿੱਚ ਮੰਤਰੀ ਨੇ ਕਿਹਾ ਕਿ ਸਿੰਗਲ ਵਿੰਡੋ ਸਿਸਟਮ ਰਾਹੀਂ ਲੋਕਾਂ ਨੂੰ ਸਾਰੇ ਨਗਰ ਨਿਗਮਾਂ ਵਿੱਚ ਕੰਮ ਕਰਵਾਉਣ ਵਿੱਚ ਹੋਣ ਵਾਲੀ ਬੇਲੋੜੀ ਪ੍ਰੇਸ਼ਾਨੀ ਅਤੇ ਸਮੇਂ ਦੀ ਬਰਬਾਦੀ ਤੋਂ ਨਿਜਾਤ ਮਿਲੇਗੀ।

ਉਨ੍ਹਾਂ ਕਿਹਾ ਕਿ ਵਿਭਾਗ ਸਿੰਗਲ ਵਿੰਡੋ ਸਿਸਟਮ ਲਈ ਮੁਕੰਮਲ ਯੋਜਨਾ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਹੈ ਅਤੇ ਇਸ ਨੂੰ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੰਗਲ ਵਿੰਡੋ ਸਿਸਟਮ ਰਾਹੀਂ ਹਰ ਸੇਵਾ ਲਈ ਵਿਧੀ ਨੂੰ ਸਰਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨਾਲ ਵਸਨੀਕਾਂ ਨੂੰ ਸਹੂਲਤ ਮਿਲੇਗੀ ਕਿਉਂਕਿ ਉਨ੍ਹਾਂ ਨੂੰ ਇੱਕ ਸ਼ਾਖਾ ਤੋਂ ਦੂਜੀ ਸ਼ਾਖਾ ਵਿੱਚ ਨਹੀਂ ਜਾਣਾ ਪਵੇਗਾ।

ਇਸ ਮੌਕੇ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ, ਸ੍ਰੀ ਮਦਨ ਲਾਲ ਬੱਗਾ, ਸ. ਦਲਜੀਤ ਸਿੰਘ ਭੋਲਾ ਗਰੇਵਾਲ, ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਸ. ਕੁਲਵੰਤ ਸਿੰਘ ਸਿੱਧੂ, ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਦੇ ਨਾਲ ਡਾ ਨਿੱਝਰ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਅਰਜ਼ੀਆਂ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਪਹਿਲ ਦੇਣੀ ਚਾਹੀਦੀ ਹੈ।

ਮੰਤਰੀ ਨੇ ਅਧਿਕਾਰੀਆਂ ਨੂੰ ਸਮਾਰਟ ਸਿਟੀ ਤਹਿਤ 922.50 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ 67 ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ। ਬਰਸਾਤ ਕਾਰਨ ਪਾਣੀ ਭਰਨ ਦੇ ਮੁੱਦੇ ‘ਤੇ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇੱਕ ਸੈੱਲ ਸਥਾਪਤ ਕਰਨ ਲਈ ਕਿਹਾ ਜੋ ਅਜਿਹੀਆਂ ਸ਼ਿਕਾਇਤਾਂ ਨਾਲ ਨਜਿੱਠਣ ਲਈ ਟੀਮਾਂ ਭੇਜ ਕੇ ਬਰਸਾਤੀ ਪਾਣੀ ਦੀ ਨਿਕਾਸੀ ਲਈ 24 ਘੰਟੇ ਕੰਮ ਕਰੇਗਾ।

Facebook Comments

Trending

Copyright © 2020 Ludhiana Live Media - All Rights Reserved.