ਖੇਤੀਬਾੜੀ

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਲਾਲਦੀਵਾਲ ਵਿਖੇ ਕਰਵਾਇਆ ਗਿਆ ਸੈਮੀਨਾਰ

Published

on

ਲੁਧਿਆਣਾ  ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਊਂਡੇਸ਼ਨ ਪਿੰਡ ਜਲਾਲਦੀਵਾਲ ਦੇ ਉੱਦਮ ਸਦਕਾ ਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਪਿੰਡ ਜਲਾਲਦੀਵਾਲ ਵਿਖੇ ਸੰਸਥਾ ਦੇ ਡਾਇਰੈਕਟਰ ਡਾ.ਹਰਮਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਪਾਣੀ ਬਚਾਉਣ ਦਾ ਹੋਕਾ ਦੇਣ ਲਈ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ।

ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਉਨ੍ਹਾਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਹੈੱਡ ਆਫ਼ ਦਾ ਡਿਪਾਰਟਮੈਂਟ ਡਾ.ਮੱਖਣ ਸਿੰਘ ਭੁੱਲਰ ਅਤੇ ਡਾ. ਜਸਵੀਰ ਸਿੰਘ ਗਿੱਲ, ਗਡਵਾਸੂ ਦੇ ਵਾਇਸ ਚਾਂਸਲਰ ਇੰਦਰਜੀਤ ਸਿੰਘ, ਉੱਘੇ ਪੱਤਰਕਾਰ ਬਲਤੇਜ ਪੰਨੂ , ਵਿਧਾਇਕ ਹਾਕਮ ਸਿੰਘ ਠੇਕੇਦਾਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ,ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ ਨਰਿੰਦਰ ਸਿੰਘ ਬੈਨੀਪਾਲ , ਪ੍ਰੋ ਤੇਜਪਾਲ ਸਿੰਘ ਗਿੱਲ, ਐਸ ਡੀ ਐਮ ਰਾਏਕੋਟ ਗੁਰਬੀਰ ਸਿੰਘ ਕੋਹਲੀ ਵੀ ਹਾਜ਼ਰ ਹੋਏ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ.ਮੱਖਣ ਸਿੰਘ ਭੁੱਲਰ ਅਤੇ ਡਾ.ਜਸਬੀਰ ਸਿੰਘ ਗਿੱਲ ਨੇ ਪਾਣੀ ਦੇ ਹੇਠਾਂ ਜਾ ਰਹੇ ਪੱਧਰ ਤੇ ਚਿੰਤਾ ਜ਼ਾਹਿਰ ਕਰਦਿਆਂ ਪਾਣੀ ਨੂੰ ਬਚਾਉਣ ਦੇ ਉਪਾਵਾਂ ਤੇ ਆਪਣੇ ਵਿਚਾਰ ਰੱਖਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਵੱਡੀ ਮਾਤਰਾ ਵਿੱਚ ਪਾਣੀ ਦੀ ਬੱਚਤ ਹੁੰਦੀ ਹੈ ਉਥੇ ਕਿਸਾਨਾਂ ਨੂੰ ਵੀ ਫ਼ਸਲ ਦਾ ਪੂਰਾ ਝਾੜ ਪ੍ਰਾਪਤ ਹੁੰਦਾ ਹੈ।

ਸਮਾਗਮ ਚ ਪੁੱਜੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ  ਸੁਰਭੀ ਮਲਿਕ ਨੇ ਕਿਹਾ ਕਿ ਘਟ ਰਹੇ ਪਾਣੀ ਦਾ ਪੱਧਰ ਇਕ ਬੇਹੱਦ ਗੰਭੀਰ ਮੁੱਦਾ ਹੈ, ਜਿਸ ਲਈ ਸਮੁੱਚੇ ਸਮਾਜ ਦੀ ਜ਼ਿੰਮੇਵਾਰੀ ਬਣਦੀ ਹੈ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਪੱਤਰਕਾਰ ਬਲਤੇਜ ਪੰਨੂੰ ਨੇ ਨਾੜ ਨੂੰ ਲਗਾਈ ਜਾਣ ਵਾਲੀ ਅੱਗ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਅਸੀਂ ਆਪਣੇ ਸਵਾਰਥ ਲਈ ਦਰੱਖਤਾਂ ਨੂੰ ਅੱਗ ਵਿੱਚ ਝੋਕਦੇ ਰਹੇ ਤਾਂ ਉਹ ਦਿਨ ਦੂਰ ਨਹੀਂ ਜਦ ਸਾਡੀ ਆਉਣ ਵਾਲੀ ਪੀਡ਼੍ਹੀ ਨੂੰ ਆਪਣੇ ਮੋਢਿਆਂ ਤੇ ਸਕੂਲ ਬੈਗ ਦੀ ਥਾਂ ਆਕਸੀਜਨ ਦੇ ਸਿਲੰਡਰ ਚੁੱਕ ਕੇ ਲਿਜਾਣੇ ਪੈਣਗੇ ।

ਸਮਾਗਮ ਦੇ ਅੰਤ ਵਿਚ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਗਦਰੀ ਬਾਬਾ ਦੁੱਲਾ ਸਿੰਘ ਗਿਆਨੀ ਨਿਹਾਲ ਸਿੰਘ ਫਾਊਂਡੇਸ਼ਨ ਦੇ ਡਾਇਰੈਕਟਰ ਡਾ.ਹਰਮਿੰਦਰ ਸਿੰਘ ਸਿੱਧੂ ਵੱਲੋਂ ਹੋਰ ਮੈਂਬਰਾਂ ਦੇ ਸਹਿਯੋਗ ਨਾਲ ਸਮਾਗਮ ਵਿੱਚ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਲਾਬ ਦੇ ਫੁੱਲਾਂ ਦੇ ਪੌਦੇ ਦੇ ਕੇ ਸਨਮਾਨਿਤ ਕੀਤਾ ਗਿਆ ।

Facebook Comments

Trending

Copyright © 2020 Ludhiana Live Media - All Rights Reserved.