ਲੁਧਿਆਣਾ : ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਪਿੰਡ ਬਹਾਦਰਪੁਰ ‘ਚ ਇਕ ਦੁਕਾਨਦਾਰ ਨੇ 10 ਰੁਪਏ ਉਧਾਰ ਨਾ ਦੇਣ ‘ਤੇ ਇਕ ਨੌਜਵਾਨ ਦੀ ਕੁੱਟਮਾਰ ਕੀਤੀ। ਪਹਿਲਾਂ ਦੁਕਾਨਦਾਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ 18 ਸਾਲਾ ਨੌਜਵਾਨ ਮੋਹਿਤ ਕੁਮਾਰ ਦੀ ਦੁਕਾਨ ਅੰਦਰ ਹੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਦੁਕਾਨਦਾਰ ਦੇ ਕੁਝ ਹੋਰ ਸਾਥੀ ਮੌਕੇ ‘ਤੇ ਪਹੁੰਚ ਗਏ ਅਤੇ ਨੌਜਵਾਨ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਨੌਜਵਾਨ ਨੂੰ ਗੰਭੀਰ ਹਾਲਤ ‘ਚ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਪੀਜੀਆਈ ਹਸਪਤਾਲ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਸਲੇਮ ਟਾਬਰੀ ਥਾਣੇ ਦੇ ਬਾਹਰ ਪੁਲੀਸ ਦੀ ਢਿੱਲੀ ਕਾਰਵਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।