ਪਟਿਆਲਾ: ਬਲਾਕ ਰਾਜਪੁਰਾ ਦੇ ਇੱਕ ਸਰਕਾਰੀ ਸਕੂਲ ਵਿੱਚ ਮੰਗਲਵਾਰ ਨੂੰ ਡਾਇਰੈਕਟਰ ਸਕੂਲ ਐਜੂਕੇਸ਼ਨ ਦੀ ਟੀਮ ਵੱਲੋਂ ਕੀਤੇ ਨਿਰੀਖਣ ਦੌਰਾਨ ਸਕੂਲ ਮੈਨੇਜਮੈਂਟ ਦੀ ਗੰਭੀਰ ਲਾਪਰਵਾਹੀ ਸਾਹਮਣੇ ਆਉਣ ’ਤੇ ਸਖ਼ਤ ਕਾਰਵਾਈ ਕੀਤੀ ਗਈ। ਦਰਅਸਲ, ਇਸ ਨਿਰੀਖਣ ਦੌਰਾਨ ਬੱਚਿਆਂ ਦੀ ਪੜ੍ਹਾਈ ਦਾ ਪੱਧਰ ਬਹੁਤ ਨੀਵਾਂ ਪਾਇਆ ਗਿਆ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸ਼੍ਰੀ ਰਾਮ ਦਾਸ, ਈ.ਟੀ.ਟੀ. ਅਧਿਆਪਕ ਬੱਚਿਆਂ ਦੀ ਪੜ੍ਹਾਈ ਵੱਲ ਧਿਆਨ ਨਹੀਂ ਦਿੰਦੇ। ਉਨ੍ਹਾਂ ਦੀ ਬੱਚਿਆਂ ਨੂੰ ਪੜ੍ਹਾਉਣ ਵਿੱਚ ਕੋਈ ਦਿਲਚਸਪੀ ਨਹੀਂ ਹੈ ਅਤੇ ਬਾਲ ਸੁਰੱਖਿਆ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ।
ਇਸ ਕਾਰਨ ਲਾਪਰਵਾਹੀ ਅਤੇ ਕਾਰਗੁਜ਼ਾਰੀ ਵਿੱਚ ਕਮੀਆਂ ਦੇ ਦੋਸ਼ ਵਿੱਚ ਅਧਿਆਪਕ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਡਾਇਰੈਕਟਰ ਨੇ ਕਿਹਾ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਾਮਲੇ ਦੀ ਜਾਂਚ ਜਾਰੀ ਰਹੇਗੀ। ਹਰਪ੍ਰੀਤ ਕੌਰ, ਪੀਸੀਐਸ, ਡਾਇਰੈਕਟਰ ਸਕੂਲ ਸਿੱਖਿਆ ਨੇ ਕਿਹਾ ਕਿ ਇਸ ਕਾਰਵਾਈ ਨਾਲ ਹੋਰ ਅਧਿਆਪਕ ਵੀ ਸਬਕ ਸਿੱਖਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਿੱਖਿਆ ਅਤੇ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।