ਪੰਜਾਬੀ

ਸੁਖਬੀਰ ਬਾਦਲ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਕੀਤੀ ਸ਼ਰਧਾਂਜਲੀ ਭੇਂਟ

Published

on

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਘੱਟ ਗਿਣਤੀਆਂ ’ਤੇ ਹਮਲਿਆਂ ਖਾਸ ਤੌਰ ’ਤੇ ਮਣੀਪੁਰ ਵਿਚ ਇਸਾਈ ਭਾਈਚਾਰੇ ਖਿਲਾਫ ਨਸਲੀ ਹਿੰਸਾਤੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਿਸਾਨਾਂ ਨੂੰ ਪਿਛਲੇ ਮਹੀਨੇ ਤੋਂ ਆਏ ਹੜ੍ਹਾਂ ਕਾਰਨ ਤਬਾਹ ਹੋਈ ਝੋਨੇ ਦੀ ਫਸਲ ਦਾ ਮੁਆਵਜ਼ਾ ਨਾ ਦੇਣ ਦੀ ਨਿਖੇਧੀ ਕੀਤੀ ਹੈ।

ਅਕਾਲੀ ਦਲ ਦੇ ਪ੍ਰਧਾਨ ਗੋਆ ਦੀ ਪੁਰਤਗਾਲੀ ਰਾਜ ਤੋਂ ਆਜ਼ਾਦੀ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਕਾਨਫਰੰਸ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਸ. ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮਣੀਪੁਰ ਤੇ ਨੂਹ ਵਿਚ ਹਿੰਸਾ ਰਾਜ ਸਰਕਾਰਾਂ ਦੀ ਅਸਫਲਤਾ ਹਨ ਕਿਉਂਕਿ ਸਰਕਾਰਾਂ ਦਰੁੱਸਤੀ ਭਰੇ ਕਦਮ ਚੁੱਕਣ ਵਿਚ ਨਾਕਾਮ ਰਹੀਆਂ ਤੇ ਇਸ ਕਾਰਨ ਦੇਸ਼ ਵਿਚ ਘੱਟ ਗਿਣਤੀਆਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੋਈ ਹੈ। ਉਹਨਾਂ ਨੇ ਇਸ ਰੁਝਾਨ ਦੀ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਜਿਹਨਾਂ ਨੇ ਦੇਸ਼ ਵਿਚ ਸ਼ਾਂਤੀ ਭੰਗ ਕਰਨ ਦੇ ਯਤਨ ਕੀਤੇ, ਉਹਨਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ।

ਉਹਨਾਂ ਕਿਹਾ ਕਿ ਅਕਾਲੀ ਦਲ ਮਣੀਪੁਰ ਤੇ ਨੂਹ ਵਿਚ ਉੱਚ ਪੱਧਰੀ ਵਫਦ ਭੇਜੇਗਾ ਤਾਂ ਜੋ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ ਤੇ ਪੀੜਤਾਂ ਨਾਲ ਮੁਲਾਕਾਤ ਕਰ ਕੇ ਉਹਨਾਂ ਵਾਸਤੇ ਨਿਆਂ ਮੰਗਿਆ ਜਾ ਸਕੇ। ਉਹਨਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਤੇ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਸਿੱਖਣ ਜਿਹਨਾਂ ਨੇ ਸਾਰੇ ਧਰਮਾਂ ਨੂੰ ਨਾਲ ਲੈ ਕੇ ਪੰਜਾਬ ਨੂੰ ਵਿਕਾਸ ਦੀ ਲੀਹ ’ਤੇ ਪਾਇਆ।

ਸ. ਬਾਦਲ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਾਰੇ ਖੇਤੀ ਅਰਥਚਾਰੇ ਨੂੰ ਲੀਹੋਂ ਲਾਹੁਣ ਤੇ ਕਿਸਾਨਾਂ ਤੇ ਗਰੀਬਾਂ ਨੂੰ ਦੁੱਖ ਤਕਲੀਫਾਂ ਦੇਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਕਿਸਾਨ ਜੋ ਪਹਿਲਾਂ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਉਡੀਕ ਰਹੇ ਹਨ, ਨੂੰ ਇਕ ਵੀ ਰੁਪਿਆ ਮੁਆਵਜ਼ਾ ਨਹੀਂ ਦਿੱਤਾ ਗਿਆ ਹਾਲਾਂਕਿ ਪਟਿਆਲਾ, ਮਾਨਸਾ ਤੇ ਸ਼ਾਹਕੋਟ ਸਮੇਤ ਸੂਬੇ ਵਿਚ ਹਜ਼ਾਰਾਂ ਏਕੜ ਜ਼ਮੀਨ ਵਿਚ ਝੋਨਾ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ।

ਉਹਨਾਂ ਕਿਹਾ ਕਿ ਅਕਾਲੀ ਦਲ ਮੰਗ ਕਰਦਾ ਹੈ ਕਿ ਹੜ੍ਹਾਂ ਕਾਰਨ ਜਿਹੜੇ ਕਿਸਾਨਾਂ ਦੀਆਂ ਫਸਲਾਂ ਤਬਾਹ ਹੋਈਆਂ, ਉਹਨਾਂ ਨੂੰ 50-50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤੇ ਜਿਹਨਾਂ ਦੇ ਘਰ ਨੁਕਸਾਨੇ ਗਏ ਹਨ ਉਹਨਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਕੀਤੇ ਵਾਅਦੇ ਅਨੁਸਾਰ ਅਜਿਹਾ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਆਪ ਸਰਕਾਰ ਦੇ ਖਿਲਾਫ ਧਰਨੇ ਦੇਣ ਲਈ ਮਜਬੂਰ ਹੋਵੇਗਾ।

Facebook Comments

Trending

Copyright © 2020 Ludhiana Live Media - All Rights Reserved.