ਖੇਤੀਬਾੜੀ

ਖੇਤੀਬਾੜੀ ਮੰਤਰੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਪਨੀਰੀ ਬੀਜਣ ਦੀ ਕਰਵਾਈ ਸ਼ੁਰੂਆਤ 

Published

on

ਲੁਧਿਆਣਾ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਹੜ੍ਹਾਂ ਵਰਗੀ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਪ੍ਰਭਾਵਿਤ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੀ ਸਹਾਇਤਾ ਲਈ ਪਨੀਰੀ ਦਾ ਪ੍ਰਬੰਧ ਕਰਨ ਤੋਂ ਲੈ ਕੇ ਮੁੜ ਵਸੇਬੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ| ਕੈਬਨਿਟ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਪੰਜਾਬ ਵਿੱਚ ਬਹੁਤ ਵੱਡੇ ਪੱਧਰ ਦਾ ਨੁਕਸਾਨ ਹੋਇਆ ਹੈ|

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਬੀਜ ਨਿਗਮ (ਪਨਸੀਡ), ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ PAU ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਪਨੀਰੀ ਦੀ ਬਿਜਾਈ ਤੋਂ ਲੈ ਕੇ ਬੀਜ ਮੁਫ਼ਤ ਵੰਡਣ ਤੱਕ ਹਰ ਲੋੜੀਂਦਾ ਯਤਨ ਕੀਤਾ ਜਾ ਰਿਹਾ ਹੈ| ਉਨ੍ਹਾਂ   ਕਿਹਾ ਕਿ ਪੀ.ਆਰ. 126 ਅਤੇ ਬਾਸਮਤੀ 1509 ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਹਨ ਅਤੇ ਇਨ੍ਹਾਂ ਕਿਸਮਾਂ ਦੀ ਲਵਾਈ 10-15 ਅਗਸਤ ਤੱਕ ਕੀਤੀ ਜਾ ਸਕਦੀ ਹੈ|

ਕੈਬਨਿਟ ਮੰਤਰੀ ਖੁੱਡੀਆਂ ਨੇ ਕੇ.ਵੀ.ਕੇ, ਖੇੜੀ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 20 ਏਕੜ ਵਿੱਚ ਪੀ ਆਰ 126 ਤੇ ਪੂਸਾ ਬਾਸਮਤੀ 1509 ਦੀ ਪਨੀਰੀ ਬੀਜਣ ਦੀ ਸ਼ੁਰੂਆਤ ਵੀ ਕਰਵਾਈ| ਉਨ੍ਹਾਂ ਨੇ ਇਸ ਦੌਰਾਨ ਪੀ.ਆਰ. 126 ਕਿਸਮ ਦੀ ਪਨੀਰੀ ਦੀ ਬਿਜਾਈ ਤੋਂ ਲੈ ਕੇ ਮੁਫ਼ਤ ਬੀਜ ਵੰਡਣ ਦੀ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ| ਉਨ੍ਹਾਂ  ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤਕਰੀਬਨ 2.5 ਲੱਖ ਏਕੜ ਰਕਬੇ ਉੱਪਰ ਮੁੜ ਝੋਨੇ ਦੀ ਫ਼ਸਲ ਦੀ ਬਿਜਾਈ ਦਾ ਟੀਚਾ ਮਿੱਥਿਆ ਗਿਆ ਹੈ|

ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਝੋਨੇ ਦੀ ਨਵੀਂ ਪਨੀਰੀ ਬੀਜਣ ਲਈ ਘੱਟ ਸਮੇਂ ਦੀਆਂ ਕਿਸਮਾਂ ਪੀ ਆਰ 126 ਅਤੇ ਪੂਸਾ ਬਾਸਮਤੀ 1509 ਹੀ ਢੁਕਵੀਆਂ ਹਨ|  ਜਿਨ੍ਹਾਂ ਦੀ ਚੰਗੀ ਦੇਖਭਾਲ ਕਰਕੇ 22-25 ਦਿਨਾਂ ਵਿੱਚ ਪਨੀਰੀ ਤਿਆਰ ਕਰਕੇ 15 ਅਗਸਤ ਤੋਂ ਪਹਿਲਾਂ ਲਗਾਈ ਜਾ ਸਕਦੀ ਹੈ|

Facebook Comments

Trending

Copyright © 2020 Ludhiana Live Media - All Rights Reserved.