ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੁਸ਼ਣ ਆਸ਼ੂ ਦੇ ਬਹੁ ਹਜ਼ਾਰ ਕਰੋੜੀ ਘੁਟਾਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਪਾਰਟੀ ਨੇ ਕਾਂਗਰਸ ਸਰਕਾਰ ’ਤੇ ਸ੍ਰੀ ਹਰਿਮੰਦਿਰ ਸਾਹਿਬ ਵਿਚ ਵਾਪਰੇ ਘਿਨੌਣੇ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਸਰਪ੍ਰਸਤੀ ਕਰਨ ਦੇ ਦੋਸ਼ ਵੀ ਲਗਾਏ।
ਸਾਬਕਾ ਮੰਤਰੀ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਜਾਂਚ ਵਿਚ ਪੰਜਾਬ ਸਰਕਾਰ ਵੱਲੋਂ ਖਰੀਦ ਏਜੰਸੀਆਂ ਦੀ ਝੋਨੇ ਦੀ ਖਰੀਦ ਵਾਸਤੇ 14 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਵਿਚ ਕੀਤਾ ਗਿਆ ਵਾਧਾ ਵੀ ਸ਼ਾਮਲ ਕੀਤਾ ਜਾਵੇ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਭਾਰਤ ਭੂਸ਼ਣ ਆਸ਼ੂ ਇਸ ਘੁਟਾਲੇ ਦਾ ਮਾਸਟਰਮਾਈਂਡ ਹੈ ਕਿਉਂਕਿ ਉਹ ਨਾ ਸਿਰਫ ਇਸ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਵਿਚ ਨਾਕਾਮ ਰਿਹਾ ਬਲਕਿ ਉਸਨੇ ਇਸਦੀ ਜਾਂਚ ਕਿਸੇ ਨਿਰਪੱਖ ਏਜੰਸੀ ਹਵਾਲੇ ਕਰਨ ਤੋਂ ਵੀ ਇਨਕਾਰ ਕੀਤਾ।
ਗਰੇਵਾਲ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ। ਬਾਰਦਾਨੇ ਦੀ ਖਰੀਦ ਵਿਚ ਕਈ ਸੌ ਕਰੋੜ ਰੁਪਏ ਦਾ ਘੁਟਾਲਾ ਕੀਤਾ ਗਿਆ। ਉਹਨਾਂ ਕਿਹਾ ਕਿ ਆਸ਼ੂ ਦੇ ਕਾਲੇ ਕਾਰਨਾਮਿਆਂ ਦਾ ਖੁੱਲ੍ਹਾਸਾ ਪਟਿਆਲਾ ਦੇ ਖੁਰਾਕ ਤੇ ਸਿਵਲ ਸਪਲਾਈ ਜ਼ਿਲ੍ਹਾ ਮੈਨੇਜਰ ਦੀ ਵਟਸਐਪ ਚੈਟ ਲੀਕ ਹੋਣ ਤੋਂ ਹੀ ਹੋ ਗਿਆ ਸੀ। ਉਹਨਾਂ ਕਿਹਾ ਕਿ ਮੰਤਰੀ ਦੇ ਖਿਲਾਫ ਸਬੂਤਾਂ ਵਿਚ ਵਾਧਾ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ।
ਗਰੇਵਾਲ ਨੇ ਇਹ ਵੀ ਮੰਗ ਕੀਤੀ ਕਿ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਦੀ ਧਰਮ ਪਤਨੀ ਸ੍ਰੀਮਤੀ ਮਮਤਾ ਆਸ਼ੂ ਦੇ ਸਮਾਰਟ ਸਿਟੀ ਪ੍ਰਾਜੈਕਟ ਲਈ ਆਏ ਫੰਡਾਂ ਦੀ ਦੁਰਵਰਤੋਂ ਨਾਲ ਸੰਬੰਧਾਂ ਦੀ ਜਾਂਚ ਵੀ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਮੰਤਰੀ ਦੀ ਪਤਨੀ ਸਮਾਰਟ ਸਿਟੀ ਪ੍ਰਾਜੈਕਟ ਦੇ ਫੰਡਾਂ ਦੀ ਵਰਤੋਂ ਦੀ ਚੇਅਰਮੈਨ ਸੀ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਲੁਧਿਆਣਾ ਇੰਪਰੂਵੈਂਟ ਟਰੱਸਟ ਦੇ ਫੰਡ ਇੰਟਰਲਾਕਿੰਗ ਟਾਈਲਾਂ ਦੀ ਖਰੀਦ ਲਈ ਵਰਤਣ ਦੀ ਗੈਰ ਕਾਨੁੰਨੀ ਕਾਰਵਾਈ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ।
ਅਕਾਲੀ ਆਗੂ ਨੇ ਇਹ ਵੀ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਵੱਲੋਂ ਸ੍ਰੀ ਹਰਿਮੰਦਿਰ ਸਾਹਿਬ ਵਿਚ ਵਾਪਰੀ ਘਿਨੌਣੀ ਬੇਅਦਬੀ ਦੀ ਘਟਨਾ ਪਿਛੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੁਲਜ਼ਮਾਂ ਦੀ ਹਾਲੇ ਤੱਕ ਸ਼ਨਾਖ਼ਤ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਦੂਜੇ ਪਾਸੇ ਲੁਧਿਆਣਾ ਕਚਹਿਰੀਆਂ ਵਿਚ ਬੰਬ ਧਮਾਕਾ ਕਰਨ ਦੇ ਦੋਸ਼ੀਆਂ ਦੀ ਪਛਾਣ ਕੁਝ ਹੀ ਘੰਟਿਆਂ ਅੰਦਰ ਹੋ ਗਈ ਜਦੋਂ ਕਿ ਦੋਸ਼ੀ ਦੀ ਧਮਾਕੇ ਵਿਚ ਮੌਤ ਹੋ ਗਈ ਸੀ।