ਪੰਜਾਬ ਨਿਊਜ਼

ਮੁੱਖ ਮੰਤਰੀ ਨੇ ਵੱਡੀ ਚੋਣ ਗਾਰੰਟੀ ਕੀਤੀ ਪੂਰੀ, ਸਿਹਤ ਖੇਤਰ ਵਿਚ ਚੁੱਕਿਆ ਕ੍ਰਾਂਤੀਕਾਰੀ ਕਦਮ

Published

on

ਲੁਧਿਆਣਾ : ਲੋਕਾਂ ਨੂੰ ਮਿਆਰੀ ਸੇਵਾਵਾਂ ਮੁਫ਼ਤ ਮੁਹੱਈਆ ਕਰਨ ਲਈ ਇਕ ਹੋਰ ਚੋਣ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਿਪਤ ਕੀਤਾ। ਮੁੱਖ ਮੰਤਰੀ ਨੇ ਇਹ ਕਲੀਨਿਕ ਲੋਕਾਂ ਨੂੰ ਸਮਰਿਪਤ ਕਰਦੇ ਹੋਏ ਕਿਹਾ, “ਇਸ ਇਤਿਹਾਸਕ ਦਿਹਾੜੇ ਮੌਕੇ ਆਮ ਆਦਮੀ ਦੀ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਲੋਕਾਂ ਦੀ ਪਹੁੰਚ ਵਿਚ ਯਕੀਨੀ ਬਣਾਉਣ ਲਈ ਇਹ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਸੂਬੇ ਵਿਚ ਹਰ ਪਾਸੇ ਖੋਲ੍ਹੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਵੱਡੇ ਪਿੰਡਾਂ ਵਿਚ ਅਜਿਹੇ ਦੋ-ਦੋ ਕਲੀਨਿਕ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਅਜਿਹੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਹ ਕਲੀਨਿਕ ਸੂਬਾ ਭਰ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਫ਼ਤ ਵਿੱਚ ਮੁਹੱਈਆ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦੇ ਇਲਾਜ ਅਤੇ ਬਿਮਾਰੀਆਂ ਦਾ ਪਤਾ ਲਾਉਣ ਲਈ ਐਮ.ਬੀ.ਬੀ.ਐਸ. ਡਾਕਟਰ, ਫਾਰਮਾਸਿਸਟ, ਨਰਸ ਤੇ ਹੋਰਾਂ ਸਣੇ ਸਟਾਫ਼ ਦੇ 4-5 ਵਿਅਕਤੀ ਹੋਣਗੇ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 100 ਕਲੀਨਿਕਲ ਟੈਸਟਾਂ ਨਾਲ 41 ਪੈਕੇਜ ਲੋਕਾਂ ਨੂੰ ਮੁਫ਼ਤ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਨਾਲ ਉਨ੍ਹਾਂ ਦੀ ਸਰਕਾਰ ਨੇ ਆਪਣੀ ਇਕ ਹੋਰ ਵੱਡੀ ਚੋਣ ਗਾਰੰਟੀ ਪੂਰੀ ਕਰ ਦਿੱਤੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਦਨ ਲਾਲ ਬੱਗਾ, ਦਲਜੀਤ ਸਿੰਘ ਗਰੇਵਾਲ, ਜੀਵਨ ਸਿੰਘ ਸੰਗੋਵਾਲ, ਕੁਲਵੰਤ ਸਿੰਘ ਸਿੱਧੂ, ਹਰਦੀਪ ਸਿੰਘ ਮੁੰਡੀਆਂ, ਮਨਵਿੰਦਰ ਸਿੰਘ ਗਿਆਸਪੁਰਾ (ਸਾਰੇ ਵਿਧਾਇਕ), ਵਧੀਕ ਮੁੱਖ ਸਕੱਤਰ (ਮੁੱਖ ਮੰਤਰੀ) ਏ ਵੇਨੂੰ ਪ੍ਰਸਾਦ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਕਮਿਸ਼ਨਰ ਆਫ ਪੁਲਿਸ ਡਾ ਕੌਸਤੁਭ ਸ਼ਰਮਾ ਆਦਿ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.