ਪੰਜਾਬ ਨਿਊਜ਼

ਮੁੱਖ ਮੰਤਰੀ ਨੇ ਵਣ ਖੇਤੀ ਨੂੰ ਹੁਲਾਰਾ ਦੇਣ ਲਈ ਈ-ਟਿੰਬਰ ਪੋਰਟਲ ਕੀਤਾ ਜਾਰੀ

Published

on

ਲੁਧਿਆਣਾ : ਵਣ ਖੇਤੀ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਲਾਭ ਪਹੁੰਚਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿਖੇ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਜਾਰੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਆਪਣੀ ਕਿਸਮ ਦਾ ਇਹ ਪਹਿਲਾ ਪੋਰਟਲ ਜੰਗਲਾਤ ਵਿਭਾਗ ਵੱਲੋਂ ਵਿਕਸਤ ਕੀਤਾ ਗਿਆ ਹੈ ਅਤੇ ਇਹ ਲੱਕੜ ਦੀ ਵਿਕਰੀ ਅਤੇ ਖਰੀਦ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਏਗਾ, ਜਿਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਵਿੱਚ ਲੱਕੜ ਦੀ ਖਰੀਦੋ-ਫਰੋਖਤ ਵੱਡੇ ਪੱਧਰ ‘ਤੇ ਗੈਰ-ਸੰਗਠਿਤ ਮੰਡੀਆਂ ਰਾਹੀਂ ਕੀਤੀ ਜਾਂਦੀ ਸੀ, ਜਿਸ ਕਾਰਨ ਕਿਸਾਨਾਂ ਨੂੰ ਇਸ ਦਾ ਲਾਹੇਵੰਦ ਭਾਅ ਨਹੀਂ ਮਿਲ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਨ ਕਿਸਾਨ ਵਣ ਖੇਤੀ ਤੋਂ ਦੂਰ ਹੋ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਣ ਖੇਤੀ ਕਿਸਾਨਾਂ ਦੀ ਕਿਸਮਤ ਬਦਲਣ ਲਈ ਅਹਿਮ ਕੜੀ ਵਜੋਂ ਕੰਮ ਕਰ ਸਕਦੀ ਹੈ, ਇਸ ਲਈ ਸੂਬਾ ਸਰਕਾਰ ਇਸ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਰੁੱਖਾਂ ਦੀ ਆਨਲਾਈਨ ਵਿਕਰੀ ਅਤੇ ਖਰੀਦ ਨਾਲ ਕਿਸਾਨਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਵੀ ਬੱਚਤ ਹੋਵੇਗੀ, ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪੋਰਟਲ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ‘ਚੋਂ ਕੱਢ ਕੇ ਉਨ੍ਹਾਂ ਨੂੰ ਆਰਥਿਕ ਤੌਰ ਉੱਤੇ ਲਾਭ ਪਹੁੰਚਾਏਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਪੋਰਟਲ ਉਦਯੋਗ ਅਤੇ ਕਿਸਾਨਾਂ ਦਰਮਿਆਨ ਸਿੱਧੇ ਸੰਚਾਰ ਅਤੇ ਆਪਸੀ ਤਾਲਮੇਲ ਵਿੱਚ ਵੀ ਮਦਦ ਕਰੇਗਾ।

Facebook Comments

Trending

Copyright © 2020 Ludhiana Live Media - All Rights Reserved.