ਲੁੁਧਿਆਣਾ : ਮਨੀਪੁਰ ਏਕਤਾ ਦਿਵਸ ਮਨਾਉਣ ਦੇ ਦੇਸ਼ ਵਿਆਪੀ ਸੱਦੇ ‘ਤੇ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਜ਼ਿਲ੍ਹਾ ਲੁਧਿਆਣਾ ਵੱਲੋਂ ਪੰਜਾਬ ਇਸਤਰੀ ਸਭਾ ਜ਼ਿਲ੍ਹਾ ਲੁਧਿਆਣਾ,ਇੰਡੀਅਨ ਡਾਕਟਰਜ ਫਾਰ ਪੀਸ ਐਂਡ ਡਿਵੈਲਪਮੈਂਟ, ਭਾਰਤ ਜਨ ਗਿਆਨ ਵਿਗਿਆਨ ਜਥਾ ਅਤੇ ਹੋਰ ਅਜਿਹੀਆਂ ਹੋਰ ਸਮਾਜਸੇਵੀ ਜਥੇਬੰਦੀਆਂ ਨਾਲ ਮਿਲ ਕੇ ਇੱਕ ਵਿਸ਼ਾਲ ਰੈਲੀ ਕੱਢੀ ਗਈ, ਜਿਸ ਵਿੱਚ ਕੇਂਦਰ ਅਤੇ ਮਨੀਪੁਰ ਦੀ ਰਾਜ ਸਰਕਾਰ ਵੱਲੋਂ ਸੂਬੇ ਵਿੱਚ ਹਿੰਸਾ ਨੂੰ ਕਾਬੂ ਕਰਨ ਵਿੱਚ ਨਾਕਾਮਯਾਬ ਰਹਿਣ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।
ਬੁਲਾਰਿਆਂ ਨੇ ਕਿਹਾ ਕਿ ਮਨੀਪੁਰ ਵਿੱਚ ਹੋਈ ਗੁੰਡਾਗਰਦੀ ਅਤੇ ਹਿੰਸਾ ਤੋਂ ਬਾਅਦ ਡਬਲ ਇੰਜਣ ਸਰਕਾਰ ਨੂੰ ਬਣੇ ਰਹਿਣ ਦਾ ਕੋਈ ਹੱਕ ਨਹੀਂ। ਸੂਬੇ ਅਤੇ ਕੇਂਦਰ ਦੀ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ ।ਪੰਜਾਬੀ ਭਵਨ ਤੋਂ ਮਿੰਨੀ ਸਕੱਤਰੇਤ ਤੱਕ ਰੋਸ ਮਾਰਚ ਕਰਨ ਵਾਲੇ ਇਸ ਰੋਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰੀਆਂ ਨੇ ਸ਼ਮੂਲੀਅਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ। ਦੇਸ਼ ਦੇ ਰਾਸ਼ਟਰਪਤੀ ਨੂੰ ਈ ਮੇਲ ਰਾਹੀਂ ਕੇਂਦਰ ਤੇ ਮਨੀਪੁਰ ਦੀ ਸੂਬਾ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਗਈ।