ਲੁਧਿਆਣਾ: ਸ਼ਹਿਰ ਵਿੱਚ ਲੁੱਟ ਦੀਆਂ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ। ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਇੱਕ ਮੁਲਾਜ਼ਮ ਨੂੰ ਲੁੱਟ ਲਿਆ। ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਪੁਲਸ ਮੁਲਾਜ਼ਮ ਤੋਂ ਪਰਸ ਅਤੇ ਮੋਬਾਈਲ ਖੋਹ ਲਿਆ। ਇਸ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ-7 ਦੀ ਪੁਲੀਸ ਨੇ ਬਲਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਮੁਲਾਜ਼ਮ ਹੈ। 30 ਅਗਸਤ ਨੂੰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਏ ਸਨ। ਉਹ ਦੇਰ ਰਾਤ ਲੁਧਿਆਣਾ ਵਾਪਸ ਆ ਗਿਆ। ਜਦੋਂ ਉਹ ਵਾਪਸ ਆਪਣੇ ਘਰ ਜਾ ਰਿਹਾ ਸੀ ਤਾਂ ਦੇਵ ਹਸਪਤਾਲ ਨੇੜੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਮੁਲਜ਼ਮਾਂ ਨੇ ਹਥਿਆਰਾਂ ਦੀ ਮਦਦ ਨਾਲ ਉਸ ਦਾ ਪਰਸ ਅਤੇ ਮੋਬਾਈਲ ਖੋਹ ਲਿਆ। ਉਸਦੇ ਪਰਸ ਵਿੱਚ 5000 ਰੁਪਏ, ਏ.ਟੀ.ਐਮ. ਕਾਰਡ, ਡਰਾਈਵਿੰਗ ਲਾਇਸੰਸ ਅਤੇ ਪੰਜਾਬ ਪੁਲਿਸ ਦਾ ਆਈਡੀ ਕਾਰਡ ਵੀ ਮੌਜੂਦ ਸੀ। ਦੂਜੇ ਪਾਸੇ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।