ਪੰਜਾਬ ਨਿਊਜ਼

ਪੰਜਾਬ ਸਰਕਾਰ ਵੱਲੋਂ PAU ਵਿਦਿਆਰਥੀਆਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਧਰਨਾ ਸਮਾਪਤ

Published

on

ਲੁਧਿਆਣਾ : ਪੀ.ਏ.ਯੂ. ਵਿੱਚ ਪਿਛਲੇ 36 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਜਾਰੀ ਧਰਨਾ ਅੱਜ ਸਮਾਪਤ ਹੋ ਗਿਆ । ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਇਹ ਧਰਨਾ ਆਪਣੇ ਖਾਤਮੇ ਤੇ ਪੁੱਜਾ । ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਗੋਸਲ, ਲੁਧਿਆਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਮੈਡਮ ਸੁਰਭੀ ਮਲਿਕ ਦੀ ਮੌਜੂਦਗੀ ਵਿੱਚ ਇਹ ਧਰਨਾ ਸਮਾਪਤ ਕਰ ਦਿੱਤਾ ਗਿਆ ।

ਇਸ ਮੌਕੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਅਤੇ ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਮੰਗਾਂ ਹਮਦਰਦੀ ਨਾਲ ਵਿਚਾਰਨ ਲਈ ਉਹਨਾਂ ਦਾ ਧੰਨਵਾਦ ਕੀਤਾ । ਉਹਨਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੀ.ਏ.ਯੂ. ਵੱਲੋਂ ਵਿਕਸਿਤ ਕਿਸਮਾਂ ਅਤੇ ਤਕਨਾਲੋਜੀਆਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਇਹ ਅਸਾਮੀਆਂ ਬੇਹੱਦ ਜ਼ਰੂਰੀ ਹਨ ।

ਡਾ. ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਸਾਫ਼-ਸੁਥਰਾ ਬਨਾਉਣ ਦੀ ਮੁਹਿੰਮ ਥੋੜੇ ਦਿਨਾਂ ਤੱਕ ਚਲਾਈ ਜਾਵੇਗੀ । ਇਸ ਮੁਹਿੰਮ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਦੀ ਅਪੀਲ ਕਰਦਿਆਂ ਡਾ. ਗੋਸਲ ਨੇ ਕਿਹਾ ਕਿ ਅਸੀਂ ਯੂਨੀਵਰਸਿਟੀ ਨੂੰ ਆਪਣਾ ਘਰ ਅਤੇ ਵਿਦਿਆਰਥੀਆਂ ਨੂੰ ਆਪਣੇ ਬੱਚੇ ਸਮਝਦੇ ਹਾਂ ਇਸਲਈ ਇਹ ਯੂਨੀਵਰਸਿਟੀ ਆਪਣੇ ਵਿਦਿਆਰਥੀਆਂ ਦੀ ਹਰ ਮੁਸ਼ਕਿਲ ਵਿੱਚ ਉਹਨਾਂ ਦੇ ਨਾਲ ਖੜੀ ਹੈ ।

ਲੁਧਿਆਣਾ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨੇ ਆਪਣੇ ਸੰਬੋਧਨ ਵਿੱਚ ਡਾ. ਗੋਸਲ ਨੂੰ ਵਾਈਸ ਚਾਂਸਲਰ ਦੀ ਜ਼ਿੰਮੇਵਾਰੀ ਸੰਭਾਲਣ ਲਈ ਵਧਾਈ ਦਿੱਤੀ । ਉਹਨਾਂ ਕਿਹਾ ਕਿ ਯੂਨੀਵਰਸਿਟੀ ਨੂੰ ਯੋਗ ਵਾਈਸ ਚਾਂਸਲਰ ਮਿਲ ਗਿਆ ਹੈ । ਹੁਣ ਵਿਦਿਆਰਥੀਆਂ, ਅਧਿਆਪਕਾਂ ਅਤੇ ਸਾਰੇ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਦਾ ਫੌਰੀ ਹੱਲ ਕੱਢਣ ਲਈ ਸਰਕਾਰ ਵਚਨਬੱਧ ਹੈ । ਸ. ਗੋਗੀ ਨੇ ਕਿਹਾ ਕਿ ਇਸ ਅੰਦੋਲਨ ਵਿੱਚ ਵਿਦਿਆਰਥੀਆਂ ਦੀਆਂ ਮੰਗਾਂ ਮੰਨੇ ਜਾਣ ਨਾਲ ਉਹਨਾਂ ਨੂੰ ਨਿੱਜੀ ਤੌਰ ਤੇ ਬਹੁਤ ਤਸੱਲੀ ਹੋਈ ਹੈ ।

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਮੈਡਮ ਸੁਰਭੀ ਮਲਿਕ ਨੇ ਕਿਹਾ ਕਿ ਸਰਕਾਰ ਹਰ ਕਦਮ ਤੇ ਵਿਦਿਆਰਥੀਆਂ ਦੇ ਨਾਲ ਹੈ ਅਤੇ ਭਵਿੱਖ ਵਿੱਚ ਬਿਹਤਰ ਨੀਤੀਆਂ ਦੇ ਨਿਰਮਾਣ ਲਈ ਉਪਰਾਲੇ ਜਾਰੀ ਰਹਿਣਗੇ । ਇਸ ਮੌਕੇ ਜੁਆਇੰਟ ਕਮਿਸ਼ਨਰ ਆਫ਼ ਟ੍ਰੈਫਿਕ ਪੁਲਿਸ ਸ. ਗੁਰਦਿਆਲ ਸਿੰਘ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਹੋਰ ਜ਼ਿੰਮੇਵਾਰ ਬਣਨ ਲਈ ਪ੍ਰੇਰਿਤ ਕੀਤਾ ।

ਆਮ ਆਦਮੀ ਪਾਰਟੀ ਦੇ ਬੁਲਾਰੇ ਪਰਮਵੀਰ ਸਿੰਘ ਨੇ ਕਿਹਾ ਕਿ ਇਸ ਇਸ ਧਰਨੇ ਵਿੱਚੋਂ ਪੰਜਾਬ ਨੂੰ ਹੋਰ ਬਿਹਤਰ ਬਨਾਉਣ ਦਾ ਸੁਪਨਾ ਵਿਦਿਆਰਥੀਆਂ ਦੀਆਂ ਅੱਖਾਂ ਨੇ ਦੇਖਿਆ ਹੈ । ਵਿਦਿਆਰਥੀ ਬੁਲਾਰਿਆਂ ਵਿੱਚ ਬਬਨਪ੍ਰੀਤ ਨੇ ਪੀ.ਏ.ਯੂ. ਪ੍ਰਸ਼ਾਸਨ ਤੇ ਸਰਕਾਰ ਦਾ ਧੰਨਵਾਦ ਕੀਤਾ । ਜਸਲੀਨ ਅਤੇ ਅੰਗਰੇਜ਼ ਮਾਨ ਨੇ ਵੀ ਸੰਬੋਧਨ ਕੀਤਾ । ਇਸ ਮੌਕੇ ਵਿਦਿਆਰਥੀਆਂ ਨੇ ਪੀ.ਏ.ਯੂ. ਸੱਥ ਬਨਾਉਣ ਦਾ ਫੈਸਲਾ ਕੀਤਾ ਜਿਸ ਵਿੱਚ ਹਰ 15 ਦਿਨ ਬਾਅਦ ਕਿਸੇ ਵਿਸ਼ੇ ਉੱਪਰ ਮਾਹਿਰਾਂ ਨਾਲ ਗੱਲਬਾਤ ਕੀਤੀ ਜਾਵੇਗੀ ।

ਵਾਈਸ ਚਾਂਸਲਰ ਅਤੇ ਹੋਰ ਅਧਿਕਾਰੀਆਂ ਨੇ ਫੀਤਾ ਕੱਟ ਕੇ ਅਤੇ ਪੀ.ਏ.ਯੂ. ਸੱਥ ਦਾ ਚਿੰਨ੍ਹ ਜਾਰੀ ਕਰਕੇ ਇਸ ਸੱਥ ਦਾ ਉਦਘਾਟਨ ਕੀਤਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਏ.ਯੂ. ਦੇ ਰਜਿਸਟਰਾਰ ਡਾ. ਸ਼ੰਮੀ ਕਪੂਰ, ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ.ਸੰਦੀਪ ਬੈਂਸ, ਡੀਨ ਖੇਤੀਬਾੜੀ ਕਾਲਜ ਡਾ. ਐੱਮ ਆਈ ਐੱਸ ਗਿੱਲ, ਅਪਰ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ ਐੱਸ ਬੁੱਟਰ ਅਤੇ ਪੀ.ਏ.ਯੂ. ਟੀਚਰ ਐਸੋਸੀਏਸ਼ਨ ਦੇ ਅਹੁਦੇਦਾਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ ।

Facebook Comments

Trending

Copyright © 2020 Ludhiana Live Media - All Rights Reserved.