ਧਰਮ
ਪੰਜਾਬ ਦੀਆਂ ਰਵਾਇਤਾਂ ’ਚ ਨਫਰਤ ਲਈ ਕੋਈ ਥਾਂ ਨਹੀਂ- ਸ਼ਾਹੀ ਇਮਾਮ ਪੰਜਾਬ
Published
2 years agoon

ਲੁਧਿਆਣਾ : ਅੱਜ ਵੀਰਵਾਰ ਨੂੰ ਮਹਾਂਨਗਰ ਦੀ ਇਤਿਹਾਸਿਕ ਜਾਮਾ ਮਸਜਿਦ ਵਿਖੇ ਈਦ-ਉਲ-ਜੁਹਾ ਬਕਰੀਦ ਦੀ ਨਮਾਜ਼ ਇਸਲਾਮੀ ਰੀਤੀ-ਰਿਵਾਜਾਂ ਮੁਤਾਬਿਕ ਸ਼ਾਹੀ ਇਮਾਮ ਪੰਜਾਬ ਮੌਲਾਨਾ ਉਸਮਾਨ ਰਹਿਮਾਨੀ ਲੁਧਿਆਣਵੀਂ ਵੱਲੋਂ ਅਦਾ ਕਰਵਾਈ ਗਈ। ਇਸ ਮੌਕੇ ਜਾਮਾ ਮਸਜਿਦ ‘ਚ ਵੱਖ-ਵੱਖ ਧਰਮਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੁਸਲਮਾਨ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਦੇਣ ਪੁੱਜੇ।
ਸਮਾਗਮ ਨੂੰ ਸੰਬੋਧਨ ਕਰਦੀਆਂ ਸ਼ਾਹੀ ਇਮਾਮ ਮੌਲਾਨਾ ਉਸਮਾਨ ਰਹਿਮਾਨੀ ਲੁਧਿਆਣਵੀਂ ਨੇ ਕਿਹਾ ਕਿ ਅੱਜ ਦਾ ਦਿਨ ਅਸੀਂ ਅੱਲ੍ਹਾਹ ਤਾਆਲਾ ਦੇ ਨਬੀ ਹਜ਼ਰਤ ਇਬ੍ਰਾਹੀਮ ਅਲੇਹਿਸੱਲਾਮ ਦੀ ਯਾਦ ‘ਚ ਮਨਾਉਂਦੇ ਹਾਂ ਜਿਨ੍ਹਾਂ ਨੇ ਆਪਣੇ ਰੱਬ ਦੀ ਰਜਾ ਲਈ ਆਪਣਾ ਪੁੱਤਰ ਕੁਰਬਾਨ ਕਰਨ ਲਈ ਦੇਰ ਨਹੀਂ ਲਾਈ। ਸ਼ਾਹੀ ਇਮਾਮ ਨੇ ਕਿਹਾ ਕਿ ਈਦ ਦਾ ਦਿਨ ਸਾਨੂੰ ਸਬਕ ਦਿੰਦਾ ਹੈ ਕਿ ਅਸੀਂ ਵੀ ਆਪਣੇ ਅੰਦਰ ਕੁਰਬਾਨੀ ਦਾ ਜਜਬਾ ਰੱਖੀਏ।
ਸ਼ਾਹੀ ਇਮਾਮ ਨੇ ਕਿਹਾ ਕਿ ਅੱਜ ਦੇਸ਼ ਵਿੱਚ ਫਿਰਕੂ ਤਾਕਤਾਂ ਧਰਮ ਦੇ ਨਾਮ ‘ਤੇ ਲੋਕਾਂ ‘ਚ ਪਾੜ ਪਾਉਣ ‘ਚ ਲੱਗੀਆਂ ਹੋਈਆਂ ਹਨ ਪਰ ਉਹ ਸਫਲ ਨਹੀਂ ਹੋਣਗੀਆਂ। ਉਨਾਂ ਕਿਹਾ ਕਿ ਪੰਜਾਬ ਦੀਆਂ ਰਵਾਇਤਾਂ ਵਿੱਚ ਨਫਰਤ ਦੇ ਲਈ ਕੋਈ ਥਾਂ ਨਹੀਂ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਚੌਧਰੀ ਮਦਨ ਲਾਲ ਬੱਗਾ ਅਤੇ ਕੁਲਵੰਤ ਸਿੰਘ ਸਿੱਧੂ ਨੇ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਈਦ ਦਾ ਦਿਨ ਹਰ ਇੱਕ ਭਾਰਤੀ ਲਈ ਖੁਸ਼ੀ ਦਾ ਦਿਨ ਹੈ।
ਉਨਾਂ ਕਿਹਾ ਕਿ ਭਾਰਤ ਦੁਨੀਆਂ ਦਾ ਇੱਕੋਂ ਇੱਕ ਅਜਿਹਾ ਦੇਸ਼ ਹੈ ਜਿੱਥੇ ਹਰ ਧਰਮ ਦਾ ਤਿਉਹਾਰ ਸਾਰੇ ਲੋਕ ਆਪਸ ‘ਚ ਮਿਲ-ਜੁਲ ਕੇ ਮਨਾਉਂਦੇ ਹਨ। ਉਨਾਂ ਕਿਹਾ ਕਿ ਜਾਮਾ ਮਸਜਿਦ ਤੋਂ ਹਮੇਸ਼ਾਂ ਹੀ ਪੰਜਾਬ ‘ਚ ਅਮਨ ਅਤੇ ਖੁਸ਼ਹਾਲੀ ਲਈ ਕੰਮ ਕੀਤਾ ਗਿਆ ਹੈ। ਉਨਾਂ ਕਿਹਾ ਕਿ ਅੱਜ ਦਾ ਦਿਨ ਸਾਡੇ ਸਾਰਿਆਂ ਲਈ ਬੜੀ ਹੀ ਖੁਸ਼ੀ ਦਾ ਦਿਨ ਹੈ ਅਤੇ ਲੁਧਿਆਣਾ ਸ਼ਹਿਰ ਸਾਰੇ ਧਰਮਾਂ ਦੇ ਲੋਕਾਂ ਦਾ ਇੱਕ ਗੁਲਦਸਤਾ ਹੈ, ਇਸ ਦੇ ਸਾਰੇ ਫੁੱਲ ਆਪਣੀ ਖੁਸ਼ਬੂ ਦੇ ਨਾਲ ਮਾਹੋਲ ਨੂੰ ਖੁਸ਼ਗਵਾਰ ਬਣਾ ਕੇ ਰੱਖਦੇ ਹਨ।