ਗੁਰਦਾਸਪੁਰ: ਡਰਾਈਵਰਾਂ ਲਈ ਵੱਡੀ ਖ਼ਬਰ ਆਈ ਹੈ। ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਦਵਿੰਦਰ ਕੁਮਾਰ ਨੇ ਗੁਰਦਾਸਪੁਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਨਾਕਾਬੰਦੀ ਕਰਕੇ ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਕਾਰਵਾਈ ਕਰਦਿਆਂ ਵਾਹਨਾਂ ਦੇ ਚਲਾਨ ਕੱਟੇ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਸਪਤਾਹਿਕ ਪ੍ਰੋਗਰਾਮ ਤਹਿਤ ਸਰਕਾਰ ਦੇ ਹੁਕਮਾਂ ਅਨੁਸਾਰ ਇਹ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਨੈਸ਼ਨਲ ਹਾਈਵੇ ‘ਤੇ ਓਵਰਲੋਡ ਟਰੱਕਾਂ, ਸਕੂਲੀ ਵਾਹਨਾਂ ਅਤੇ ਬੱਸਾਂ ਦੇ ਚਲਾਨ ਕੱਟਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਕਾਰਨ ਤੇਜ਼ ਰਫ਼ਤਾਰ, ਓਵਰਲੋਡ ਵਾਹਨਾਂ ਅਤੇ ਬਿਨਾਂ ਦਸਤਾਵੇਜ਼ਾਂ ਤੋਂ ਵਾਹਨ ਚਲਾਉਣ ਵਾਲੇ ਚਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਡਰਾਈਵਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਨਹੀਂ ਤਾਂ ਵਿਭਾਗ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।