ਪੰਜਾਬ ਨਿਊਜ਼

ਪਿਛਲੀਆਂ ਸਰਕਾਰਾਂ ਪਾਸੋਂ ਵਿਰਾਸਤ ਵਿੱਚ ਮਿਲੀਆਂ ਸਮੱਸਿਆਵਾਂ ਦਾ ਖਾਤਮਾ ਕਰਾਂਗੇ- CM ਮਾਨ

Published

on

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਪਾਸੋਂ ਵਿਰਾਸਤ ਵਿੱਚ ਮਿਲੀਆਂ ਸਾਰੀਆਂ ਸਮੱਸਿਆਵਾਂ ਨੂੰ ਖਤਮ ਕਰੇਗੀ ਤਾਂ ਕਿ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਸਾਕਾਰ ਕੀਤੇ ਜਾ ਸਕਣ। ਗੋਆ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਮਾਫੀਆ ਅਤੇ ਸਮਗਲਰਾਂ ਦੀ ਪੁਸ਼ਤਪਨਾਹੀ ਕਰਦੀਆਂ ਸਨ ਜਿਸ ਕਰਕੇ ਸੂਬੇ ਵਿਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਰਗੀਆਂ ਅਲਾਮਤਾਂ ਨੇ ਪੈਰ ਪਸਾਰੇ ਹੋਏ ਸਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਬਰਬਾਦ ਕਰ ਦੇਣ ਵਾਲੀਆਂ ਅਜਿਹੀਆਂ ਸਮੱਸਿਆਵਾਂ ਪ੍ਰਤੀ ਸਾਡੀ ਸਰਕਾਰ ਨੇ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਭ੍ਰਿਸ਼ਟ ਲੋਕਾਂ ਉਤੇ ਪਹਿਲਾਂ ਹੀ ਸ਼ਿੰਕਜਾ ਕੱਸਿਆ ਹੋਇਆ ਹੈ ਅਤੇ ਭ੍ਰਿਸ਼ਟਾਚਾਰ ਨੂੰ ਜੜ੍ਹੋ ਮੁਕਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਤੋਂ ਇਲਾਵਾ ਚੇਅਰਮੈਨ ਨਵਜੋਤ ਸਿੰਘ ਜਰਗ ਵੀ ਹਾਜ਼ਰ ਸਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਦਾ ਲੱਕ ਤੋੜਨ ਲਈ ਨਵੀਂ ਰਣਨੀਤੀ ਘੜੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਦੇ ਨਾਲ-ਨਾਲ ਸੂਬਾ ਸਰਕਾਰ ਨਸ਼ਿਆਂ ਦੀ ਸਪਲਾਈ ਲਾਈਨ ਖਤਮ ਕਰਨ ਵਾਸਤੇ ਜ਼ੋਰਦਾਰ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਸ਼ਾ ਵਿਰੋਧੀ ਮੁਹਿੰਮ ਦੇ ਸਿੱਟੇ ਛੇਤੀ ਹੀ ਆਮ ਲੋਕਾਂ ਨੂੰ ਦਿਖਾਈ ਦੇਣਗੇ ।

ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ’ ਪੁਰਸਕਾਰ ਦੇਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਲਈ ਬੇਮਿਸਾਲ ਕੁਰਬਾਨੀਆਂ ਕਰਨ ਵਾਲੇ ਇਨ੍ਹਾਂ ਨਾਇਕਾਂ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਧਰਮ ਨਿਰਪੱਖ ਅਤੇ ਦੇਸ਼ ਭਗਤ ਪਾਰਟੀ ਹੈ ਜੋ ਸੂਬੇ ਦੀ ਭਲਾਈ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਪਤਨੀ ਚਰਨਜੀਤ ਕੌਰ ਨੂੰ ਵੀ ਸਨਮਾਨਿਤ ਕੀਤਾ।

Facebook Comments

Trending

Copyright © 2020 Ludhiana Live Media - All Rights Reserved.