ਪੰਜਾਬ ਨਿਊਜ਼

 ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸਥਾਪਤ ਕਰਨ ਦਾ ਟੀਚਾ ਮਿੱਥਣਾ ਚਾਹੀਦਾ ਹੈ – ਸਰਾਰੀ

Published

on

ਲੁਧਿਆਣਾ : ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੂਬੇ ਦੇ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ  ਕਿਹਾ ਕਿ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਨੂੰ ਉਤਸ਼ਾਹਿਤ ਕਰਕੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਰੋਡਮੈਪ ‘ਤੇ ਕੰਮ ਕਰ ਰਹੀ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਲਾਡੋਵਾਲ ਮੈਗਾ ਫੂਡ ਪਾਰਕ ਦੇ ਆਪਣੇ ਪਹਿਲੇ ਦੌਰੇ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਫੂਡ ਪ੍ਰੋਸੈਸਿੰਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਂਦਿਆਂ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਸਰਕਾਰ ਫਲਾਂ ਅਤੇ ਸਬਜ਼ੀਆਂ ਨੂੰ ਜੈਮ, ਜੈਲੀ, ਅਚਾਰ, ਜੂਸ ਆਦਿ ਵਿੱਚ ਪ੍ਰੋਸੈਸ ਕਰਨ ਬਾਰੇ ਕਿਸਾਨਾਂ ਨੂੰ ਸਿਖਲਾਈ ਦੇ ਕੇ ਹੋਰ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਤ ਕਰਨ ਲਈ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਸਰਾਰੀ ਨੇ ਕਿਹਾ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਐਗਰੋ-ਪ੍ਰੋਸੈਸਿੰਗ ਦੇ ਪਾਠਕ੍ਰਮ ਨੂੰ ਵੀ ਹੋਰ ਅੱਪਗ੍ਰੇਡ ਕੀਤਾ ਜਾਵੇਗਾ।

ਉਨ੍ਹਾਂ ਬੀ.ਐਸ.ਸੀ. ਐਗਰੀਕਲਚਰ ਦੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਸਵੈ-ਰੋਜ਼ਗਾਰ ਵਜੋਂ ਆਪਣਾ ਕਾਰੋਬਾਰ ਸਥਾਪਤ ਕਰਨ. ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਦੂਜਿਆਂ ਲਈ ਨੌਕਰੀ ਦੇ ਮੌਕੇ ਪੈਦਾ ਹੋਣਗੇ ਸਗੋਂ ਉਨ੍ਹਾਂ ਦੀ ਕਾਰੋਬਾਰੀ ਸਮਰੱਥਾ ਦਾ ਵੀ ਵਿਕਾਸ ਹੋਵੇਗਾ।

ਸਰਕਾਰੀ ਖੇਤਰ ਵਿੱਚ ਨੌਕਰੀਆਂ ਦੇ ਚਾਹਵਾਨਾਂ ਲਈ, ਰਾਜ ਸਰਕਾਰ ਖਾਲੀ ਅਸਾਮੀਆਂ ਨੂੰ ਭਰਨ ਜਾਂ ਹੋਰ ਅਸਾਮੀਆਂ ਪੈਦਾ ਕਰਨ ‘ਤੇ ਵੀ ਕੰਮ ਕਰ ਰਹੀ ਹੈ। ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਯੂਨੀਵਰਸਿਟੀ ਦੇ ਸਟਨ ਹਾਊਸ ਵਿਖੇ ਮੀਟਿੰਗ ਵੀ ਕੀਤੀ। ਬਾਅਦ ਵਿੱਚ, ਉਨ੍ਹਾਂ ਐਗਰੋ ਪ੍ਰੋਸੈਸਿੰਗ ਕਲੱਸਟਰ, ਫੂਡ ਇਨਕਿਊਬੇਸ਼ਨ ਯੂਨਿਟ, ਪੋਸਟ ਹਾਰਵੈਸਟ ਟੈਕਨਾਲੋਜੀ ਯੂਨਿਟ ਅਤੇ ਲਾਡੋਵਾਲ ਦੇ ਮੈਗਾ ਫੂਡ ਪਾਰਕ ਦਾ ਵੀ ਜਾਇਜ਼ਾ ਲਿਆ।

ਇਸ ਤੋਂ ਪਹਿਲਾਂ ਪਹਿਲੀ ਵਾਰ ਜ਼ਿਲ੍ਹੇ ਵਿੱਚ ਪਹੁੰਚਣ ‘ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਮੌਕੇ ਵਧੀਕ ਮੁੱਖ ਸਕੱਤਰ ਕੇ.ਏ.ਪੀ.ਸਿਨਹਾ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਪੁਲਿਸ ਕਮਿਸ਼ਨਰ ਡਾ: ਕੌਸਤੁਭ ਸ਼ਰਮਾ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.